ਨਵੀਂ ਦਿੱਲੀ : 'ਅੰਡਰਵਰਲਡ ਡਾਨ' ਛੋਟਾ ਰਾਜਨ ਨੂੰ 'ਸਰਜਰੀ' ਲਈ ਇੱਥੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਏਮਜ਼) ਲਿਆਂਦਾ ਗਿਆ ਹੈ। ਜੇਲ੍ਹ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਉਸ ਨੂੰ ਨੱਕ ਦੇ ਮਾਮੂਲੀ ਆਪ੍ਰੇਸ਼ਨ ਲਈ ਏਮਜ਼ ਲਿਆਂਦਾ ਗਿਆ।
ਜੇਲ੍ਹ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਡਾਕਟਰਾਂ ਨੇ ਸਰਜਰੀ ਦੀ ਸਲਾਹ ਦਿੱਤੀ ਸੀ ਅਤੇ ਸੰਭਾਵਨਾ ਹੈ ਕਿ ਉਸ ਨੂੰ ਅਪਰੇਸ਼ਨ ਤੋਂ ਬਾਅਦ ਤਿਹਾੜ ਜੇਲ੍ਹ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਉਸ ਨੂੰ ਡਾਕਟਰਾਂ ਦੀ ਨਿਗਰਾਨੀ ਹੇਠ ਜੇਲ੍ਹ ਹਸਪਤਾਲ ਵਿੱਚ ਰੱਖਿਆ ਜਾਵੇਗਾ। ਸਾਵਧਾਨੀ ਦੇ ਤੌਰ 'ਤੇ ਹਸਪਤਾਲ ਦੇ ਅੰਦਰ ਅਤੇ ਆਲੇ-ਦੁਆਲੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ।