ਚੰਡੀਗੜ੍ਹ : ਹਰਿਆਣਾ 'ਚ ਪਿਛਲੇ ਕੁਝ ਦਿਨਾਂ 'ਚ ਖੇਤਾਂ 'ਚ ਹੋ ਰਹੀਆਂ ਅਚਾਨਕ ਅੱਗ ਲੱਗਣ ਦੀਆਂ ਘਟਨਾਵਾਂ ਨਾਲ ਫ਼ਸਲਾਂ ਅਤੇ ਪਸ਼ੂਆਂ ਨੂੰ ਹੋਏ ਨੁਕਸਾਨ ਨੂੰ ਲੈ ਕੇ ਪ੍ਰਦੇਸ਼ ਸਰਕਾਰ ਨੇ ਸੋਮਵਾਰ ਨੂੰ ਕਿਸਾਨਾਂ ਨੂੰ ਮੁਆਵਜ਼ੇ ਦੇਣ ਦਾ ਐਲਾਨ ਕੀਤਾ। ਅਧਿਕਾਰਤ ਸੂਤਰਾਂ ਅਨੁਸਾਰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਇਹ ਐਲਾਨ ਕਰਦੇ ਹੋਏ ਕਿਹਾ ਕਿ ਪਿਛਲੇ ਕੁਝ ਦਿਨਾਂ 'ਚ ਪ੍ਰਦੇਸ਼ ਹੋਈਆਂ ਅੱਗ ਲੱਗਣ ਦੀਆਂ ਘਟਨਾਵਾਂ ਨਾਲ ਫ਼ਸਲਾਂ ਅਤੇ ਪਸ਼ੂਆਂ ਸੰਬੰਧੀ ਜਾਨ-ਮਾਲ ਦਾ ਨੁਕਸਾਨ ਹੋਇਆ ਹੈ, ਜਿਸ ਨਾਲ ਕਿਸਾਨਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਹੈ। ਇਸ ਲਈ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਅਜਿਹੇ ਸਾਰੇ ਪ੍ਰਭਾਵਿਤ ਕਿਸਾਨਾਂ ਨੂੰ ਜਲਦ ਹੀ ਮੁਆਵਜ਼ਾ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਵੀ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਅੱਗ ਲੱਗਣ ਨਾਲ ਸੰਬੰਧਤ ਘਟਨਾਵਾਂ ਦੀ ਰਿਪੋਰਟ ਲੈਣ। ਉਨ੍ਹਾਂ ਨੇ ਕਿਹਾ ਕਿ ਪ੍ਰਭਾਵਿਤ ਕਿਸਾਨ ਸੰਬੰਧਤ ਡਿਪਟੀ ਕਮਿਸ਼ਨਰਾਂ ਦੇ ਸਾਹਮਣੇ ਅਪੀਲ ਕਰਨ ਤਾਂ ਕਿ ਉਨ੍ਹਾਂ ਨੂੰ ਜਲਦ ਤੋਂ ਜਲਦ ਮੁਆਵਜ਼ਾ ਦੇਣ ਦੀ ਪ੍ਰਕਿਰਿਆ ਅਮਲ 'ਚ ਲਿਆਂਦੀ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਨੁਕਸਾਨ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਆਉਣ ਵਾਲੀਆਂ ਫ਼ਸਲਾਂ ਦੀ ਬਿਜਾਈ ਲਈ ਬੀਜ ਅਤੇ ਖਾਦ 'ਚ ਵੀ ਮਦਦ ਕੀਤੀ ਜਾਵੇਗੀ ਤਾਂ ਕਿ ਕਿਸਾਨਾਂ ਨੂੰ ਆਰਥਿਕ ਰੂਪ ਨਾਲ ਬੋਝ ਨਾ ਝੱਲਣਾ ਪਵੇ।