ਨਵੀਂ ਦਿੱਲੀ : ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਸ਼ੁੱਕਰਵਾਰ ਨੂੰ ਚੋਣ ਕਮਿਸ਼ਨ ਦੀ ਸਿਫਾਰਸ਼ ਤੋਂ ਬਾਅਦ ਰਾਸ਼ਟਰੀ ਰਾਜਧਾਨੀ 'ਚ ਵਿਧਾਨ ਸਭਾ ਚੋਣਾਂ ਲਈ ਇਕ ਗਜ਼ਟ ਨੋਟੀਫਿਕੇਸ਼ਨ ਜਾਰੀ ਕੀਤਾ। 10 ਜਨਵਰੀ ਨੂੰ ਜਾਰੀ ਇਸ ਸਰਕਾਰੀ ਨੋਟੀਫਿਕੇਸ਼ਨ ਦੇ ਅਨੁਸਾਰ, ਜਨ ਪ੍ਰਤੀਨਿਧਤਾ ਐਕਟ, 1951 ਦੇ ਤਹਿਤ ਚੋਣ ਸ਼ਡਿਊਲ ਦਾ ਐਲਾਨ ਕੀਤਾ ਗਿਆ ਹੈ। ਨੋਟੀਫਿਕੇਸ਼ਨ 'ਚ ਕਿਹਾ ਗਿਆ ਹੈ,"ਚੋਣ ਕਮਿਸ਼ਨ ਦੀ ਸਿਫ਼ਾਰਿਸ਼ ਦੇ ਅਨੁਸਾਰ, ਦਿੱਲੀ ਦੇ ਉਪ ਰਾਜਪਾਲ ਰਾਸ਼ਟਰੀ ਰਾਜਧਾਨੀ ਦੇ ਸਾਰੇ ਵਿਧਾਨ ਸਭਾ ਹਲਕਿਆਂ ਤੋਂ ਵਿਧਾਨ ਸਭਾ ਦੇ ਮੈਂਬਰਾਂ ਦੀ ਚੋਣ ਦਾ ਸੱਦਾ ਦਿੰਦੇ ਹਨ।"
ਨੋਟੀਫਿਕੇਸ਼ਨ ਅਨੁਸਾਰ, ਨਾਮਜ਼ਦਗੀ ਦਾਖ਼ਲ ਕਰਨ ਦੀ ਆਖ਼ਰੀ ਤਾਰੀਖ਼ 17 ਜਨਵਰੀ ਹੈ। ਨਾਮਜ਼ਦਗੀ ਪੱਤਰਾਂ ਦੀ ਜਾਂਚ 18 ਜਨਵਰੀ ਨੂੰ ਹੋਵੇਗੀ। ਨਾਮਜ਼ਦਗੀ ਪੱਤਰ 20 ਜਨਵਰੀ ਤੱਕ ਵਾਪਸ ਲਏ ਜਾ ਸਕਦੇ ਹਨ। ਨੋਟੀਫਿਕੇਸ਼ਨ ਅਨੁਸਾਰ ਦਿੱਲੀ 'ਚ 5 ਫਰਵਰੀ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ। 8 ਫਰਵਰੀ ਨੂੰ ਵੋਟਾਂ ਦੀ ਗਿਣਤੀ ਹੋਵੇਗੀ ਅਤੇ ਚੋਣ ਪ੍ਰਕਿਰਿਆ 10 ਫਰਵਰੀ ਨੂੰ ਖ਼ਤਮ ਹੋ ਜਾਵੇਗੀ। ਨੋਟੀਫਿਕੇਸ਼ਨ 'ਚ ਕਿਹਾ ਗਿਆ ਹੈ ਕਿ ਮੌਜੂਦਾ ਵਿਧਾਨ ਸਭਾ 23 ਫਰਵਰੀ ਨੂੰ ਭੰਗ ਹੋਵੇਗੀ ਅਤੇ ਫਿਰ ਨਵੀਂ ਸਰਕਾਰ ਦੇ ਗਠਨ ਦਾ ਰਸਤਾ ਪੱਕਾ ਹੋਵੇਗਾ। 7 ਜਨਵਰੀ ਨੂੰ ਚੋਣ ਕਮਿਸ਼ਨ ਨੇ ਐਲਾਨ ਕੀਤਾ ਸੀ ਕਿ 9ਵੀਂ ਦਿੱਲੀ ਵਿਧਾਨ ਸਭਾ ਚੋਣਾਂ 5 ਫਰਵਰੀ ਨੂੰ ਹੋਣਗੀਆਂ। ਸਾਰੀਆਂ 70 ਵਿਧਾਨ ਸਭਾ ਸੀਟਾਂ ਲਈ 5 ਫਰਵਰੀ ਨੂੰ ਇਕ ਹੀ ਪੜਾਅ 'ਚ ਵੋਟਿੰਗ ਹੋਵੇਗੀ।