ਨਵੀਂ ਦਿੱਲੀ : 22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ 'ਚ 26 ਟੂਰਿਸਟਾਂ ਦੀ ਜਾਨ ਚਲੀ ਗਈ ਸੀ, ਜਿਸ ਮਗਰੋਂ ਭਾਰਤ ਤੇ ਪਾਕਿਸਤਾਨ ਵਿਚਾਲੇ ਕਾਫ਼ੀ ਤਣਾਅਪੂਰਨ ਸਥਿਤੀ ਬਣੀ ਹੋਈ ਹੈ। ਇਸ ਮਾਮਲੇ 'ਚ ਕੇਂਦਰ ਸਰਕਾਰ ਭਲਕੇ ਬੁੱਧਵਾਰ ਨੂੰ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਸੱਦਣ ਜਾ ਰਹੀ ਹੈ, ਜਿਸ 'ਚ ਪਾਕਿਸਤਾਨ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਕਈ ਵੱਡੇ ਫ਼ੈਸਲੇ ਲਏ ਜਾ ਸਕਦੇ ਹਨ।
ਪਹਿਲਗਾਮ ਹਮਲੇ ਤੋਂ ਬਾਅਦ ਇਹ ਕੇਂਦਰੀ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਹੋਣ ਜਾ ਰਹੀ ਹੈ। ਇਸ ਮੀਟਿੰਗ ਦੀ ਅਗਵਾਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ, ਜੋ ਕਿ 30 ਅਪ੍ਰੈਲ, ਦਿਨ ਬੁੱਧਵਾਰ ਨੂੰ ਸਵੇਰੇ 11 ਵਜੇ ਸੱਦੀ ਗਈ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੇਂਦਰੀ ਮੰਤਰੀ ਮੰਡਲ ਦੀ ਕੋਈ ਬੈਠਕ ਇਸ ਮਾਮਲੇ 'ਚ ਨਹੀਂ ਸੱਦੀ ਗਈ ਸੀ। ਇਸ ਤੋਂ ਪਹਿਲਾਂ 23 ਅਪ੍ਰੈਲ ਨੂੰ ਸਿਰਫ਼ ਸੁਰੱਖਿਆ ਕਮੇਟੀ ਦੀ ਬੈਠਕ ਸੱਦੀ ਗਈ ਸੀ, ਜਿਸ 'ਚ ਪਹਿਲਗਾਮ ਹਮਲੇ ਬਾਰੇ ਚਰਚਾ ਕੀਤੀ ਗਈ ਸੀ ਤੇ ਸਿੰਧੂ ਜਲ ਸੰਧੀ ਰੱਦ ਕਰਨ ਸਣੇ ਪਾਕਿਸਤਾਨ 'ਤੇ ਕਈ ਹੋਰ ਪਾਬੰਦੀਆਂ ਲਗਾਈਆਂ ਗਈਆਂ ਸਨ।
ਜ਼ਿਕਰਯੋਗ ਹੈ ਕਿ ਪਹਿਲਗਾਮ ਹਮਲੇ ਮਗਰੋਂ ਭਾਰਤ ਨੇ ਪਾਕਿਸਤਾਨ ਨਾਲ ਸਾਰੇ ਵਪਾਰ ਬੰਦ ਕਰਨ ਤੋਂ ਇਲਾਵਾ ਸਿੰਧੂ ਜਲ ਸੰਧੀ ਰੱਦ ਕਰਨ, ਰਾਜਨੀਤਿਕ ਸਬੰਧ ਘੱਟ ਕਰਨ, ਪਾਕਿਸਤਾਨੀ ਨਾਗਰਿਕਾਂ ਨੂੰ ਭਾਰਤ ਛੱਡਣ ਸਣੇ ਕਈ ਅਹਿਮ ਫ਼ੈਸਲੇ ਸੁਣਾਏ ਸਨ, ਜਿਸ ਮਗਰੋਂ ਪਾਕਿਸਤਾਨ ਨੇ ਭਾਰਤ ਲਈ ਆਪਣਾ ਏਅਰਸਪੇਸ ਬੰਦ ਕਰ ਦਿੱਤਾ ਸੀ।