ਨਵੀਂ ਦਿੱਲੀ : ਭਾਰਤੀ ਯੁਵਾ ਕਾਂਗਰਸ (IYC) ਦੇ ਵਰਕਰਾਂ ਨੇ ਸੋਮਵਾਰ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਦੇ ਖਿਲਾਫ ਪਾਕਿਸਤਾਨ ਹਾਈ ਕਮਿਸ਼ਨ ਦੇ ਨੇੜੇ ਇਕ ਵਿਰੋਧ ਪ੍ਰਦਰਸ਼ਨ ਕੀਤਾ, ਜਿਸ ਦੌਰਾਨ ਕਈ ਵਰਕਰਾਂ ਨੂੰ ਹਿਰਾਸਤ 'ਚ ਲਿਆ ਗਿਆ। ਪ੍ਰਦਰਸ਼ਨਕਾਰੀ ਨੇ ਨਿਊਜ਼ ਏਜੰਸੀ ਨੂੰ ਦੱਸਿਆ ਕਿ ਅੱਤਵਾਦੀਆਂ ਨੇ ਮਾਸੂਮ ਅਤੇ ਨਿਹੱਥੇ ਲੋਕਾਂ ਨੂੰ ਮਾਰਿਆ। ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਹਰ ਯੁਵਾ ਕਾਂਗਰਸ ਮੈਂਬਰ ਅਤੇ ਹਰ ਭਾਰਤੀ ਇਸ ਅੱਤਵਾਦੀ ਹਮਲੇ 'ਚ ਜਾਨ ਗਵਾਉਣ ਵਾਲਿਆਂ ਲਈ ਇਨਸਾਫ਼ ਚਾਹੁੰਦਾ ਹੈ। ਅੱਤਵਾਦ ਨੂੰ ਸਖ਼ਤ ਜਵਾਬ ਦੇਣਾ ਚਾਹੀਦਾ ਹੈ। ਭਾਰਤੀ ਯੁਵਾ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਉਦੈ ਭਾਨੂ ਚਿਬ ਅਤੇ ਰਾਸ਼ਟਰੀ ਮੀਡੀਆ ਇੰਚਾਰਜ ਵਰੁਣ ਪਾਂਡੇ ਸਮੇਤ ਵੱਡੀ ਗਿਣਤੀ 'ਚ ਪਾਰਟੀ ਵਰਕਰਾਂ ਅਤੇ ਸਮਰਥਕਾਂ ਨੇ ਤੀਨ ਮੂਰਤੀ ਚੌਕ ਤੋਂ ਪਾਕਿਸਤਾਨ ਹਾਈ ਕਮਿਸ਼ਨ ਤੱਕ ਮਾਰਚ ਕੱਢਿਆ। ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਭਾਰੀ ਪੁਲਸ ਅਤੇ ਅਰਧ ਸੈਨਿਕ ਬਲ ਤਾਇਨਾਤ ਕੀਤੇ ਗਏ ਸਨ ਪਰ ਕਾਰਕੁਨ ਸਾਰੇ ਬੈਰੀਕੇਡ ਪਾਰ ਕਰਕੇ ਪਾਕਿਸਤਾਨ ਹਾਈ ਕਮਿਸ਼ਨ ਦੇ ਨੇੜੇ ਪਹੁੰਚ ਗਏ, ਜਿੱਥੋਂ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ।