ਨਵੀਂ ਦਿੱਲੀ : ਪਹਿਲਗਾਮ ਅੱਤਵਾਦੀ ਹਮਲੇ ਮਗਰੋਂ ਕੇਂਦਰ ਸਰਕਾਰ ਨੇ ਵੀਰਵਾਰ ਨੂੰ ਪਾਕਿਸਤਾਨੀ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਨੂੰ ਤੁਰੰਤ ਪ੍ਰਭਾਵ ਤੋਂ ਸਸਪੈਂਡ ਕਰ ਦਿੱਤਾ। ਵਿਦੇਸ਼ ਮੰਤਰਾਲਾ ਨੇ ਭਾਰਤੀਆਂ ਨੂੰ ਪਾਕਿਸਤਾਨ ਦੀ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਹੈ। ਮੰਤਰਾਲਾ ਨੇ ਕਿਹਾ ਕਿ ਸਾਰੇ ਪਾਕਿਸਤਾਨੀ ਨਾਗਰਿਕਾਂ ਨੂੰ ਭਾਰਤ ਛੱਡਣਾ ਹੋਵੇਗਾ, ਕਿਉਂਕਿ 27 ਅਪ੍ਰੈਲ ਤੋਂ ਉਨ੍ਹਾਂ ਦੇ ਵੀਜ਼ੇ ਰੱਦ ਕਰ ਦਿੱਤੇ ਜਾਣਗੇ। ਜਿਨ੍ਹਾਂ ਨੂੰ ਮੈਡੀਕਲ ਵੀਜ਼ਾ ਮਿਲਿਆ ਹੈ, ਉਨ੍ਹਾਂ ਨੂੰ 29 ਅਪ੍ਰੈਲ 2025 ਤੱਕ ਭਾਰਤ ਛੱਡਣਾ ਹੋਵੇਗਾ। ਸਰਕਾਰ ਨੇ ਭਾਰਤੀ ਨਾਗਰਿਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਪਾਕਿਸਤਾਨ ਦੀ ਯਾਤਰਾ ਤੋਂ ਬਚਣ। ਜੋ ਭਾਰਤੀ ਇਸ ਸਮੇਂ ਪਾਕਿਸਤਾਨ ਚ ਹਨ, ਉਨ੍ਹਾਂ ਨੂੰ ਜਲਦ ਤੋਂ ਜਲਦ ਭਾਰਤ ਵਾਪਸ ਆਉਣ ਲਈ ਕਿਹਾ।
ਦੱਸਣਯੋਗ ਹੈ ਕਿ ਦੱਖਣੀ ਕਸ਼ਮੀਰ ਦੇ ਪਹਿਲਗਾਮ 'ਚ ਮੰਗਲਵਾਰ ਦੁਪਹਿਰ ਨੂੰ ਹੋਏ ਇੱਕ ਅੱਤਵਾਦੀ ਹਮਲੇ 'ਚ 26 ਲੋਕ ਮਾਰੇ ਗਏ, ਜਿਨ੍ਹਾਂ 'ਚ ਜ਼ਿਆਦਾਤਰ ਸੈਲਾਨੀ ਸਨ। ਪਹਾੜਾਂ ਦੀ ਗੋਦ 'ਚ ਵਸੇ ਇਸ ਸੁੰਦਰ ਸਥਾਨ 'ਤੇ ਪਹੁੰਚਣ ਵਾਲੇ ਸੈਲਾਨੀਆਂ ਨੇ ਸ਼ਾਇਦ ਹੀ ਸੋਚਿਆ ਹੋਵੇਗਾ ਕਿ ਉਨ੍ਹਾਂ ਦੀਆਂ ਛੁੱਟੀਆਂ ਦੀਆਂ ਤਸਵੀਰਾਂ ਕਿਸੇ ਕਾਲੀਆਂ ਖ਼ਬਰਾਂ ਦੀਆਂ ਸੁਰਖੀਆਂ 'ਚ ਬਦਲ ਜਾਣਗੀਆਂ। ਇਹ 2019 'ਚ ਹੋਏ ਪੁਲਵਾਮਾ ਹਮਲੇ ਤੋਂ ਬਾਅਦ ਕਸ਼ਮੀਰ 'ਚ ਸਭ ਤੋਂ ਵੱਡਾ ਹਮਲਾ ਹੈ। ਪੁਲਵਾਮਾ ਹਮਲੇ 'ਚ ਕੇਂਦਰੀ ਰਿਜ਼ਰਵ ਪੁਲਸ ਬਲ (CRPF) ਦੇ 40 ਜਵਾਨ ਸ਼ਹੀਦ ਹੋ ਗਏ ਸਨ।