ਚੰਡੀਗੜ੍ਹ/ਜਲੰਧਰ : ਪੰਜਾਬ ਭਵਨ ਵਿਖੇ ਵੈਕਟਰ ਬੌਰਨ ਡਿਜੀਜ਼ ਬਾਰੇ ਸਟੇਟ ਟਾਸਕ ਫੋਰਸ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ ‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਨੂੰ 1 ਮਈ ਤੋਂ ਸ਼ੁਰੂ ਕੀਤਾ ਜਾਵੇਗਾ।
ਸੂਬੇ ’ਚ ਡੇਂਗੂ ਨੂੰ ਕੰਟਰੋਲ ਕਰਨ ਲਈ ਸਾਰੇ ਭਾਈਵਾਲ ਵਿਭਾਗਾਂ ਦਰਮਿਆਨ ਤਾਲਮੇਲ ਦੀ ਲੋੜ ’ਤੇ ਜ਼ੋਰ ਦਿੰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸ਼ਨੀਵਾਰ ਨੂੰ ਇਕ ਬਹੁ-ਪੱਖੀ ਰਣਨੀਤੀ ਦੀ ਸ਼ੁਰੂਆਤ ਕੀਤੀ, ਜਿਸ ’ਚ ਜਨਤਕ ਜਾਗਰੂਕਤਾ, ਸਖ਼ਤ ਲਾਗੂਕਰਨ ਅਤੇ ਸਿਹਤ ਸੰਭਾਲ ਸਬੰਧੀ ਤਿਆਰੀਆਂ ’ਚ ਵਾਧਾ ਕਰਨਾ ਸ਼ਾਮਲ ਹੈ ਤਾਂ ਜੋ ਇਸ ਸਾਲ ਡੇਂਗੂ ਦੇ ਮਾਮਲਿਆਂ ’ਚ 80 ਫ਼ੀਸਦੀ ਤਕ ਕਮੀ ਲਿਆਂਦੀ ਜਾ ਸਕੇ। ਇਸ ਸੀਜ਼ਨ ’ਚ ਡੇਂਗੂ ਨੂੰ ਕੰਟਰੋਲ ਕਰਨ ਲਈ ਸਰਕਾਰ ਦੀਆਂ ਪਹਿਲਕਦਮੀਆਂ ਚਾਨਣਾ ਪਾਉਂਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਜ਼ਿਲਾ ਹਸਪਤਾਲਾਂ, ਸਬ-ਡਵੀਜ਼ਨਲ ਹਸਪਤਾਲਾਂ, ਸੀ. ਐੱਚ. ਸੀਜ਼, ਈ. ਐੱਸ. ਆਈ. ਹਸਪਤਾਲਾਂ ਤੇ ਮੈਡੀਕਲ ਕਾਲਜਾਂ ’ਚ ਮੱਛਰਦਾਨੀਆਂ ਵਾਲੇ ਸਮਰਪਿਤ ਡੇਂਗੂ ਬੈੱਡ ਅਲਾਟ ਕੀਤੇ ਗਏ ਹਨ, ਜਦੋਂ ਕਿ 881 ਆਮ ਆਦਮੀ ਕਲੀਨਿਕਾਂ ਸਮੇਤ ਸਾਰੀਆਂ ਸਰਕਾਰੀ ਸਿਹਤ ਸਹੂਲਤਾਂ ਵਿਚ ਡੇਂਗੂ ਅਤੇ ਮਲੇਰੀਆ ਦੀ ਮੁਫ਼ਤ ਜਾਂਚ ਅਤੇ ਇਲਾਜ ਜਾਰੀ ਰਹੇਗਾ।
ਸਿਹਤ ਵਿਭਾਗ ਦੀਆਂ ਤਿਆਰੀਆਂ ਬਾਰੇ ਦੱਸਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ 50,000 ਨਰਸਿੰਗ ਸਟਾਫ ਅਤੇ 50,000 ਪੈਰਾ ਮੈਡੀਕਲ ਸਟਾਫ ਨੂੰ ਮੱਛਰ ਦੇ ਲਾਰਵੇ ਦੇ ਬ੍ਰੀਡਰ ਚੈੱਕਰ ਵਜੋਂ ਸਿਖਲਾਈ ਦਿੱਤੀ ਗਈ ਹੈ ਅਤੇ ਇਹ ਸਟਾਫ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲਾਰਵੇ, ਪ੍ਰਜਨਨ ਸਥਾਨਾਂ ਆਦਿ ਦੀ ਪਛਾਣ ਕਰਨ ਬਾਰੇ ਹੋਰ ਸਿਖਲਾਈ ਦੇਣਗੇ।