ਮਾਛੀਵਾੜਾ ਸਾਹਿਬ : ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਅੱਜ ਮਾਛੀਵਾੜਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਲੋਂ ਜੋ ਪੰਜਾਬ ਵਿਚ 32 ਬੰਬਾਂ ਬਾਰੇ ਗੱਲ ਕਹੀ ਹੈ ਉਸ ਬਾਰੇ ਲੋਕਾਂ ਨੂੰ ਦੱਸਣ ਕਿ ਉਨ੍ਹਾਂ ਨੂੰ ਕਿਹੜੀਆਂ ਏਜੰਸੀਆਂ ਜਾਂ ਹੋਰ ਸੂਤਰਾਂ ਨੇ ਸੂਚਨਾ ਦਿੱਤੀ। ਉਨ੍ਹਾਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ 3.50 ਕਰੋੜ ਲੋਕਾਂ ਵਿਚ ਦਹਿਸ਼ਤ ਫੈਲਾਉਣ ਲਈ ਬਿਆਨ ਦਿੱਤਾ ਕਿ 18 ਬੰਬ ਫਟ ਚੁੱਕੇ ਹਨ ਅਤੇ 32 ਬੰਬ ਬਕਾਇਆ ਹਨ ਜਿਨ੍ਹਾਂ ਨੂੰ ਅਜਿਹੀਆਂ ਹਾਸੋਹੀਣ ਅਤੇ ਬਚਕਾਨੀਆਂ ਗੱਲਾਂ ਸ਼ੋਭਾ ਨਹੀਂ ਦਿੰਦੀਆਂ। ਉਨ੍ਹਾਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਨੂੰ ਪੰਜਾਬੀਆਂ ਦੀ ਜ਼ਿੰਦਗੀ ਨਾਲ ਖਿਲਵਾੜ ਨਹੀਂ ਕਰਨਾ ਚਾਹੀਦਾ ਅਤੇ ਆਪਣੇ ਜੋ ਸੂਤਰ ਹਨ ਉਸ ਬਾਰੇ ਜਾਣਕਾਰੀ ਦੇਣੀ ਚਾਹੀਦੀ ਹੈ ਜਾਂ ਫਿਰ ਆਪਣੀ ਗਲਤੀ ਲਈ ਪੰਜਾਬੀਆਂ ਤੋਂ ਮੁਆਫ਼ੀ ਮੰਗੇ।
ਉਨ੍ਹਾਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਸਪੱਸ਼ਟ ਕਰਨ ਕਿ ਉਨ੍ਹਾਂ ਨੇ ਸਿਆਸੀ ਲਾਹਾ ਲੈਣ ਲਈ ਕੇਵਲ ਸ਼ਗੂਫ਼ਾ ਛੱਡਿਆ ਸੀ। ਮੰਤਰੀ ਸੌਂਦ ਨੇ ਕਿਹਾ ਕਿ ਇਸ ਤੋਂ ਵੱਡੀ ਖਤਰਨਾਕ ਗੱਲ ਇਹ ਹੋਈ ਹੈ ਕਿ ਵਿਦੇਸ਼ ਵਿਚ ਬੈਠਾ ਗੁਰਪਤਵੰਤ ਸਿੰਘ ਪੰਨੂ ਜੋ ਪੰਜਾਬ ਤੇ ਦੇਸ਼ ਦਾ ਮਾਹੌਲ ਖ਼ਰਾਬ ਕਰਨ ਵਿਚ ਅਹਿਮ ਭੂਮਿਕਾ ਨਿਭਾਅ ਰਿਹਾ ਹੈ, ਉਹ ਵੀ ਬਾਜਵਾ ਦੇ ਬਿਆਨ ਦਾ ਸਮਰਥਨ ਕਰ ਰਿਹਾ ਹੈ। ਇਸ ਤੋਂ ਖਤਰਨਾਕ ਇਹ ਵੀ ਗੱਲ ਹੈ ਕਿ ਗੁਰਪਤਵੰਤ ਸਿੰਘ ਪੰਨੂ ਦੇ ਬਾਜਵਾ ਨਾਲ ਸਬੰਧ ਹਨ ਜੋ ਪਾਕਿਸਤਾਨ ਦੀ ਸ਼ਹਿ ’ਤੇ ਦੇਸ਼ ਦਾ ਮਾਹੌਲ ਖ਼ਰਾਬ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬਾਜਵਾ ਦੇ ਅਜਿਹੇ ਬਿਆਨਾਂ ਉੱਪਰ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਉਹ ਦੇਸ਼ ਦੀਆਂ ਉੱਚ ਪੱਧਰੀ ਏਜੰਸੀਆਂ ਨੂੰ ਵੀ ਪ੍ਰਤਾਪ ਸਿੰਘ ਬਾਜਵਾ ਤੋਂ ਮਾਮਲੇ ਸਬੰਧੀ ਪੁੱਛਗਿੱਛ ਕਰਨੀ ਚਾਹੀਦੀ ਹੈ।
4600 ਕਰੋੜ ਦੀ ਲਾਗਤ ਨਾਲ 17,000 ਟੋਭਿਆਂ ਦੀ ਸਫ਼ਾਈ ਕਰਾਂਗੇ
ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬਜਟ ਵਿਖ 4600 ਕਰੋੜ ਰੁਪਏ ਰਾਖਵੇਂ ਰੱਖੇ ਹਨ ਜਿਸ ਨਾਲ 17,000 ਟੋਭਿਆਂ ਦੀ ਸਫ਼ਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 15 ਦਿਨਾਂ ਦੇ ਅੰਦਰ ਅੰਦਰ ਸੂਬੇ ਦੇ 850 ਪਿੰਡਾਂ ਵਿਚ ਟੋਭਿਆਂ ਦੀ ਸਫ਼ਾਈ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਟੋਭੇ ਲਈ ਟ੍ਰੀਟਮੈਂਟ ਪਲਾਂਟ ਦੀ ਲੋੜ ਹੋਵੇਗੀ ਤਾਂ ਉੱਥੇ ਸੀਚੇਵਾਲ ਮਾਡਲ ਨਾਲ ਸਾਫ਼ ਕਰ ਖੇਤਾਂ ਨੂੰ ਸਪਲਾਈ ਕੀਤਾ ਜਾਵੇਗਾ।