ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦਿੱਲੀ ਵਿਖੇ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਇਸ ਮੌਕੇ ਸ਼ੇਰਗਿੱਲ ਨਾਲ ਉਨ੍ਹਾਂ ਦੇ ਮਾਤਾ-ਪਿਤਾ, ਪਤਨੀ ਅਤੇ ਧੀ ਵੀ ਮੌਜੂਦ ਸਨ। ਮੁਲਾਕਾਤ ਤੋਂ ਬਾਅਦ ਸ਼ੇਰਗਿੱਲ ਨੇ ਸੋਸ਼ਲ ਮੀਡੀਆ ’ਤੇ ਆਪਣੀਆਂ ਤਸਵੀਰਾਂ ਸਾਂਝੀਆਂ ਕਰ ਕੇ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ ਅਤੇ ਇਕ ਭਾਵੁਕ ਸੰਦੇਸ਼ ਵਿਚ ਲਿਖਿਆ,''ਮੈਂ ਆਪਣੇ ਪਰਿਵਾਰ ਸਮੇਤ ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਮਿਲ ਕੇ ਮਾਣ ਮਹਿਸੂਸ ਕਰ ਰਿਹਾ ਹਾਂ। ਪ੍ਰਧਾਨ ਮੰਤਰੀ ਨੇ ਮੇਰੇ ਪੂਰੇ ਪਰਿਵਾਰ ਨੂੰ ਜਿਸ ਪਿਆਰ ਅਤੇ ਸਤਿਕਾਰ ਨਾਲ ਨਵਾਜਿਆ, ਉਸ ਨੂੰ ਸ਼ਬਦਾਂ ਵਿਚ ਬਿਆਨ ਨਹੀਂ ਕੀਤਾ ਜਾ ਸਕਦਾ।''
ਪ੍ਰਧਾਨ ਮੰਤਰੀ ਦੀ ਪਰਿਵਰਤਨਸ਼ੀਲ ਲੀਡਰਸ਼ਿਪ ਸ਼ੈਲੀ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਅੱਗੇ ਲਿਖਿਆ,''ਪ੍ਰਧਾਨ ਮੰਤਰੀ ਨੇ ਆਪਣੀ ਸਖ਼ਤ ਮਿਹਨਤ ਅਤੇ ਦੂਰ ਦ੍ਰਿਸ਼ਟੀ ਨਾਲ ਭਾਰਤ ਦੀ ਕਿਸਮਤ ਅਤੇ ਅਕਸ ਬਦਲ ਦਿੱਤਾ ਹੈ। ਪੰਜਾਬ, ਪੰਜਾਬੀਆਂ ਅਤੇ ਪੰਜਾਬੀ ਸੱਭਿਆਚਾਰ ਪ੍ਰਤੀ ਉਨ੍ਹਾਂ ਦਾ ਅਟੁੱਟ ਪਿਆਰ ਉਨ੍ਹਾਂ ਦੇ ਹਰ ਸ਼ਬਦ ਅਤੇ ਕਰਮ ਵਿਚ ਸਪੱਸ਼ਟ ਤੌਰ ’ਤੇ ਝਲਕਦਾ ਹੈ।''