ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸਰਪੰਚਾਂ ਨੂੰ ਹਰ ਮਹੀਨੇ ਵਧੀ ਹੋਈ ਤਨਖ਼ਾਹ ਦੇਣ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਕੌਮੀ ਪੰਚਾਇਤੀ ਰਾਜ ਦਿਵਸ' ਮੌਕੇ ਸਰਪੰਚਾਂ ਨੂੰ ਇਹ ਖ਼ੁਸ਼ਖ਼ਬਰੀ ਦਿੱਤੀ ਹੈ।
ਚੰਡੀਗੜ੍ਹ 'ਚ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਸਰਪੰਚਾਂ ਨੂੰ ਹਰ ਮਹੀਨੇ 1200 ਰੁਪਏ ਦੇਣ ਦਾ ਐਲਾਨ ਕੀਤਾ ਗਿਆ ਸੀ, ਪਰ ਦਿੱਤਾ ਨਹੀਂ ਗਿਆ। ਇਸ ਦੇ ਵਿਰੋਧ ਵਿਚ ਸਰਪੰਚਾਂ ਨੇ ਅਦਾਲਤ ਦਾ ਦਰਵਾਜ਼ਾ ਖੜਕਾਇਆ ਸੀ। ਸਰਕਾਰ ਨੇ 2019 ਵਿਚ ਇਹ ਭੱਤਾ/ਤਨਖ਼ਾਹ ਬੰਦ ਹੀ ਕਰ ਦਿੱਤੀ।
CM ਮਾਨ ਨੇ ਕਿਹਾ ਕਿ ਹੁਣ ਸਰਪੰਚਾਂ ਨੂੰ ਹਰ ਮਹੀਨੇ 2 ਹਜ਼ਾਰ ਰੁਪਏ ਮਿਲਿਆ ਕਰਨਗੇ ਤੇ ਆਉਣ ਵਾਲੇ ਦਿਨਾਂ ਵਿਚ ਇਹ ਰਕਮ ਹੋਰ ਵੀ ਵਧਾਈ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸਮੂਹ ਸਰਪੰਚਾਂ ਨੂੰ ਸਹੁੰ ਚੁੱਕਣ ਤੋਂ ਲੈ ਕੇ ਹੁਣ ਤਕ ਦੇ ਬਕਾਏ ਵੀ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਲਈ ਸਰਪੰਚਾਂ ਨੂੰ ਹੁਣ ਅਦਾਲਤਾਂ ਵਿਚ ਜਾਣ ਦੀ ਲੋੜ ਨਹੀਂ ਪਵੇਗੀ।