ਸੁਪਰੀਮ ਕੋਰਟ ਨੇ ਹਿਮਾਚਲ ਪ੍ਰਦੇਸ਼ 'ਚ ਸੁਖਵਿੰਦਰ ਸਿੰਘ ਸੁੱਖੂ ਦੀ ਅਗਵਾਈ ਵਾਲੀ ਸਰਕਾਰ ਵਲੋਂ ਨਿਯੁਕਤ ਰਾਜ ਦੇ 6 ਮੁੱਖ ਸੰਸਦੀ ਸਕੱਤਰਾਂ (ਸੀਪੀਐੱਸ) ਦੀ ਅਯੋਗਤਾ ਪ੍ਰਕਿਰਿਆ 'ਤੇ ਸ਼ੁੱਕਰਵਾਰ ਨੂੰ ਰੋਕ ਲਗਾ ਦਿੱਤੀ। ਅਦਾਲਤ ਨੇ ਹਿਮਾਚਲ ਪ੍ਰਦੇਸ਼ ਹਿਮਾਚਲ ਕੋਰਟ ਦੇ ਉਸ ਨਿਰਦੇਸ਼ 'ਤੇ ਰੋਕ ਲ ਗਾ ਦਿੱਤੀ, ਜਿਸ 'ਚ ਰਾਜ 'ਚ ਮੁੱਖ ਸੰਸਦੀ ਸਕੱਤਰਾਂ ਅਤੇ ਸੰਸਦੀ ਸਕੱਤਰਾਂ ਦੀ ਨਿਯੁਕਤੀ ਦੇ ਅਧਿਕਾਰ ਨੂੰ ਗੈਰ-ਸੰਵਿਧਾਨਕ ਐਲਾਨ ਕੀਤਾ ਗਿਆ ਸੀ।
ਚੀਫ਼ ਜਸਟਿਸ ਸੰਜੀਵ ਖੰਨਾ ਅਤੇ ਜੱਜ ਸੰਜੇ ਕੁਮਾਰ ਦੀ ਬੈਂਚ ਨੇ ਕਿਹਾ ਕਿ ਮੁੱਖ ਸੰਸਦੀ ਸਕੱਤਰ ਵਜੋਂ 6 ਵਿਧਾਇਕਾਂ ਦੀ ਨਿਯੁਕਤੀ ਨੂੰ ਰੱਦ ਕਰਨ ਦੇ ਹਿਮਾਚਲ ਪ੍ਰਦੇਸ਼ ਹਾਈ ਕੋਰਟ ਦੇ ਆਦੇਸ਼ ਦੀ ਪਾਲਣਾ 'ਚ ਅੱਗੇ ਕੋਈ ਕਾਰਵਾਈ ਨਹੀਂ ਹੋਵੇਗੀ। ਅਦਾਲਤ ਨੇ ਨਾਲ ਹੀ ਇਹ ਸਪੱਸ਼ਟ ਕੀਤਾ ਕਿ ਰਾਜ ਸਰਕਾਰ ਕੋਈ ਹੋਰ ਨਿਯੁਕਤੀ ਨਹੀਂ ਕਰੇਗੀ, ਕਿਉਂਕਿ ਇਹ ਕਾਨੂੰਨ ਦੇ ਉਲਟ ਹੋਵੇਗਾ। ਸੁਪਰੀਮ ਕੋਰਟ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਨੇਤਾ ਕਲਪਣਾ ਦੇਵੀ ਨੂੰ ਵੀ ਨੋਟਿਸ ਜਾਰੀ ਕੀਤਾ। ਕਲਪਣਾ ਨੇ ਮੁੱਖ ਸੰਸਦੀ ਸਕੱਤਰਾਂ ਦੀ ਨਿਯੁਕਤੀ ਖ਼ਿਲਾਫ਼ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਅਦਾਲਤ ਨੇ ਉਨ੍ਹਾਂ ਨੂੰ 2 ਹਫ਼ਤਿਆਂ ਦੇ ਅੰਦਰ ਜਵਾਬ ਦੇਣ ਲਈ ਕਿਹਾ ਅਤੇ ਮਾਮਲੇ ਦੀ ਸੁਣਵਾਈ ਚਾਰ ਹਫ਼ਤਿਆਂ ਬਾਅਦ ਲਈ ਮੁਲਤਵੀ ਕਰ ਦਿੱਤੀ। ਅਦਾਲਤ ਨੇ ਇਸ ਮਾਮਲੇ ਨੂੰ ਇਸ ਮੁੱਦੇ 'ਤੇ ਸੁਪਰੀਮ ਕੋਰਟ 'ਚ ਪੈਂਡਿੰਗ ਪਟੀਸ਼ਨਾਂ ਨਾਲ ਜੋੜ ਦਿੱਤਾ ਹੈ।