ਸਿਡਨੀ : 17 ਅਪ੍ਰੈਲ ਤੋਂ ਆਸਟ੍ਰੇਲੀਆ ਦੇ ਖੂਬਸੂਰਤ ਸ਼ਹਿਰ ਸਿਡਨੀ ਵਿੱਚ ਹੋਣ ਵਾਲੀਆਂ 37ਵੀਆਂ ਸਾਲਾਨਾ ਆਸਟ੍ਰੇਲੀਆਈ ਸਿੱਖ ਖੇਡਾਂ ਦੀਆਂ ਤਿਆਰੀਆਂ ਮੁਕੰਮਲ ਹਨ। ਆਸਟ੍ਰੇਲੀਆ ਦੇ ਪੰਜਾਬੀ ਭਾਈਚਾਰੇ ਵਲੋਂ ਕੌਮੀ ਪੱੱਧਰ 'ਤੇ ਆਯੋਜਿਤ ਹੋਣ ਵਾਲੀਆਂ 37ਵੀਆਂ ਸਾਲਾਨਾ ਸਿੱੱਖ ਖੇਡਾਂ 17-20 ਅਪ੍ਰੈਲ ਤੱਕ ਨਿਊ ਸਾਊਥ ਵੇਲਜ਼ ਸੂਬੇ ਦੇ ਸ਼ਹਿਰ ਸਿਡਨੀ ਦੇ ਇਲਾਕੇ ਬਾਸ ਹਿੱਲ ਵਿੱਚ ਸਥਿਤ ਕਰੈਸਟ ਕੰਪਲੈਕਸ ਵਿੱਚ ਪੂਰੇ ਉਤਸ਼ਾਹ ਨਾਲ ਕਰਵਾਈਆਂ ਜਾ ਰਹੀਆਂ ਹਨ।
ਆਸਟ੍ਰੇਲੀਆਈ ਖੇਡ ਕਮੇਟੀ ਨੇ ਦੱਸਿਆ ਕਿ ਪਿਛਲੇ ਮਹੀਨਿਆਂ ਤੋਂ ਹੋ ਰਹੀ ਵਿਉਂਤਬੰਦੀ ਅਨੁਸਾਰ ਖੇਡਾਂ ਨੂੰ ਸਫਲ ਬਣਾਉਣ ਲਈ ਕੀਤੇ ਗਏ ਜ਼ਰੂਰੀ ਇੰਤਜ਼ਾਮਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਇਹਨਾਂ ਖੇਡਾਂ ਨੂੰ ਯਾਦਗਾਰੀ ਬਣਾਉਣ ਵਿੱਚ ਕੋਈ ਕਸਰ ਨਹੀ ਛੱਡੀ ਜਾਵੇਗੀ। ਖੇਡਾਂ ਨੂੰ ਸੰਪੂਰਨ ਰੂਪ ਵਿੱਚ ਨੇਪਰੇ ਚਾੜਨ ਲਈ ਆਸਟ੍ਰੇਲੀਆਈ ਸਰਕਾਰ, ਸਥਾਨਕ ਕੌਂਸਲ, ਪ੍ਰਸ਼ਾਸਨ, ਗੁਰੂ ਘਰਾਂ, ਖੇਡ ਕਲੱਬਾਂ ਅਤੇ ਸਿੱਖ ਭਾਈਚਾਰੇ ਵੱਲੋਂ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ।
ਇਸ ਦੌਰਾਨ ਕਬੱਡੀ, ਹਾਕੀ, ਫੁੱਟਬਾਲ, ਰੱਸ਼ਾਕਸ਼ੀ, ਕ੍ਰਿਕਟ, ਦੌੜਾਂ, ਵਾਲੀਬਾਲ, ਨੈੱਟਬਾਲ, ਬੈਡਮਿੰਟਨ, ਕੁਸ਼ਤੀ ਦੇ ਮੁਕਾਬਲੇ ਕਰਵਾਏ ਜਾਣਗੇ। ਤਿੰਨ ਦਿਨਾਂ ਤੱਕ ਚੱਲਣ ਵਾਲੇ ਇਸ ਖੇਡ ਮਹਾਂਕੁੰਭ ਵਿੱਚ ਆਸਟ੍ਰੇਲੀਆਂ ਅਤੇ ਹੋਰ ਦੇਸ਼ਾਂ ਤੋਂ ਵੱਡੀ ਗਿਣਤੀ ਵਿੱਚ ਕਲੱਬ ਹਿੱਸਾ ਲੈ ਰਹੇ ਹਨ। ਖੇਡਾਂ ਦੌਰਾਨ ਕਰਵਾਏ ਜਾ ਰਹੇ ਸਿੱੱਖ ਫੋਰਮ ਅਤੇ ਸੱਭਿਆਚਾਰਕ ਵੰਨਗੀਆਂ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਹੋਣਗੇ। ਇਹਨਾਂ ਖੇਡਾਂ ਵਿੱਚ ਵੱਡੀ ਗਿਣਤੀ ਵਿੱਚ ਦਰਸ਼ਕਾਂ ਦੇ ਪਹੁੰਚਣ ਦੀ ਉਮੀਦ ਜਤਾਈ ਜਾ ਰਹੀ ਹੈ।