ਮੰਡੀ : ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਵਿਚ ਬੁੱਧਵਾਰ ਦੀ ਸਵੇਰ ਨੂੰ DC ਦਫ਼ਤਰ ਅਤੇ ਉਸ ਨਾਲ ਲੱਗਦੇ ਅਦਾਲਤ ਕੰਪਲੈਕਸ ਨੂੰ ਉੱਥੇ ਬੰਬ ਰੱਖੇ ਹੋਣ ਦੀ ਧਮਕੀ ਵਾਲਾ ਈ-ਮੇਲ ਮਿਲਣ ਮਗਰੋਂ ਖਾਲੀ ਕਰਵਾ ਦਿੱਤਾ ਗਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਸ ਨੇ DC ਦਫ਼ਤਰ ਅਤੇ ਜ਼ਿਲ੍ਹਾ ਅਦਾਲਤ ਕੰਪਲੈਕਸ ਨੂੰ ਖਾਲੀ ਕਰਵਾ ਲਿਆ ਅਤੇ ਫਿਰ ਉਨ੍ਹਾਂ ਨੂੰ ਸੀਲ ਕਰ ਦਿੱਤਾ। ਦਰਅਸਲ ਈ-ਮੇਲ ਵਿਚ DC ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ।
ਮੰਡੀ ਪੁਲਸ ਨੇ ਇਕ ਬਿਆਨ ਵਿਚ ਕਿਹਾ ਕਿ ਮੰਡੀ ਦੇ ਡਿਪਟੀ ਕਮਿਸ਼ਨਰ ਦੇ ਈ-ਮੇਲ 'ਤੇ ਇਕ ਧਮਕੀ ਮਿਲੀ ਹੈ ਅਤੇ ਕੰਪਲੈਕਸ ਨੂੰ ਸਾਵਧਾਨੀ ਵਜੋਂ ਖਾਲੀ ਕਰਵਾਇਆ ਗਿਆ ਹੈ। ਸਟੈਂਡਰਡ ਓਪਰੇਟਿੰਗ ਪ੍ਰਕਿਰਿਆ ਅਨੁਸਾਰ ਸਾਰੇ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ। ਅਧਿਕਾਰੀਆਂ ਨੇ ਕਿਹਾ ਕਿ ਅਦਾਲਤ ਇਮਾਰਤ ਦਾ ਨਿਰੀਖਣ ਪੂਰਾ ਹੋਣ ਅਤੇ ਸੁਰੱਖਿਆ ਪ੍ਰਵਾਨਗੀ ਮਿਲਣ ਤੋਂ ਬਾਅਦ ਦੁਪਹਿਰ 2 ਵਜੇ ਤੋਂ ਬਾਅਦ ਕੰਮ ਕਰਨਾ ਮੁੜ ਸ਼ੁਰੂ ਕਰ ਦੇਵੇਗੀ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਖ਼ਤਰੇ ਦੇ ਸਰੋਤ ਦਾ ਪਤਾ ਲਗਾਉਣ ਲਈ ਸਾਰੇ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ। ਨਾਲ ਹੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ ਅਤੇ ਆਲੇ ਦੁਆਲੇ ਦੇ ਇਲਾਕਿਆਂ ਵਿਚ ਗਸ਼ਤ ਵੀ ਵਧਾ ਦਿੱਤੀ ਗਈ ਹੈ।