ਨਵੀਂ ਦਿੱਲੀ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮੰਗਲਵਾਰ ਨੂੰ ਕਾਰੋਬਾਰੀ ਅਤੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ ਜੀਜੇ ਰਾਬਰਟ ਵਾਡਰਾ ਨੂੰ ਜ਼ਮੀਨ ਸੌਦੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਪੁੱਛ-ਗਿੱਛ ਲਈ ਬੁਲਾਇਆ। ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਵਾਡਰਾ (56) ਨੂੰ ਇਸ ਮਾਮਲੇ 'ਚ ਪਹਿਲੀ ਵਾਰ 8 ਅਪ੍ਰੈਲ ਨੂੰ ਤਲਬ ਕੀਤਾ ਗਿਆ ਸੀ ਪਰ ਉਹ ਪੇਸ਼ ਨਹੀਂ ਹੋਏ।
ਵਾਡਰਾ ਦੀ ਪਤਨੀ ਪ੍ਰਿਯੰਕਾ ਗਾਂਧੀ ਵਾਡਰਾ ਕੇਰਲ ਦੇ ਵਾਇਨਾਡ ਤੋਂ ਕਾਂਗਰਸ ਦੀ ਸੰਸਦ ਮੈਂਬਰ ਹੈ। ਵਾਡਰਾ ਵਿਰੁੱਧ ਇਹ ਜਾਂਚ ਹਰਿਆਣਾ ਦੇ ਸ਼ਿਕੋਹਪੁਰ 'ਚ ਇਕ ਜ਼ਮੀਨ ਸੌਦੇ ਨਾਲ ਸਬੰਧਤ ਹੈ। ਸੂਤਰਾਂ ਨੇ ਦੱਸਿਆ ਕਿ ਈ.ਡੀ. ਦੇ ਸਾਹਮਣੇ ਪੇਸ਼ ਹੋਣ 'ਤੇ ਏਜੰਸੀ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀਐੱਮਐੱਲਏ) ਦੇ ਅਧੀਨ ਉਨ੍ਹਾਂ ਦਾ ਬਿਆਨ ਦਰਜ ਕਰੇਗੀ। ਇਸ ਤੋਂ ਪਹਿਲਾਂ ਜਾਂਚ ਏਜੰਸੀ ਨੇ ਵਾਡਰਾ ਤੋਂ ਇਕ ਵੱਖਰੇ ਮਨੀ ਲਾਂਡਰਿੰਗ ਮਾਮਲੇ 'ਚ ਪੁੱਛਗਿੱਛ ਕੀਤੀ ਸੀ।