ਸ਼ਿਮਲਾ : ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਸੋਮਵਾਰ ਨੂੰ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (EVM) ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ EVM ਦੀ ਕਾਰਜਪ੍ਰਣਾਲੀ 'ਤੇ ਖ਼ਦਸ਼ਾ ਜ਼ਾਹਰ ਕੀਤਾ। ਉਨ੍ਹਾਂ ਨੇ ਇਸ ਸ਼ੱਕ ਨੂੰ ਦੂਰ ਕਰਨ ਲਈ ਕਿਹਾ ਕਿ ਬੈਲਟ ਪੇਪਰਾਂ ਦੀ ਵਰਤੋਂ ਕਰਕੇ ਚੋਣਾਂ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ ਕਿਉਂਕਿ ਤਕਨਾਲੋਜੀ ਨੂੰ ਹੈਕ ਕੀਤਾ ਜਾ ਸਕਦਾ ਹੈ। ਸੁੱਖੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ EVM ਨਿਰਮਾਤਾਵਾਂ ਨੇ ਉਤਪਾਦਨ ਬੰਦ ਕਰ ਦਿੱਤਾ ਹੈ ਅਤੇ ਜੇਕਰ ਉਨ੍ਹਾਂ ਦੇ ਕੰਮਕਾਜ 'ਤੇ ਕੋਈ ਸ਼ੱਕ ਹੈ ਤਾਂ ਆਮ ਜਨਤਾ ਦੀ ਮੰਗ 'ਤੇ ਬੈਲਟ ਪੇਪਰਾਂ ਦੀ ਵਰਤੋਂ ਕਰਕੇ ਚੋਣਾਂ ਕਰਵਾਈਆਂ ਜਾਣ।
ਮੁੱਖ ਮੰਤਰੀ ਨੇ ਇਹ ਟਿੱਪਣੀ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦੀ ਅਗਵਾਈ ਵਾਲੇ ਮਹਾਯੁਤੀ ਗਠਜੋੜ ਦੇ 288 ਵਿਚੋਂ 230 ਸੀਟਾਂ ਜਿੱਤਣ ਤੋਂ ਕੁਝ ਦਿਨ ਬਾਅਦ ਕੀਤੀ ਹੈ। ਵਿਰੋਧੀ ਮਹਾਵਿਕਾਸ ਅਘਾੜੀ (MVA) ਨੇ ਚੋਣਾਂ ਵਿਚ 46 ਸੀਟਾਂ ਜਿੱਤੀਆਂ ਹਨ। ਸੁੱਖੂ ਨੇ ਕਿਹਾ ਕਿ ਕਿਸੇ ਵੀ ਤਕਨੀਕ ਨੂੰ ਹੈਕ ਕੀਤਾ ਜਾ ਸਕਦਾ ਹੈ ਅਤੇ ਇੱਥੋਂ ਤੱਕ ਕਿ ਐਲਨ ਸਮਕ (ਸੋਸ਼ਲ ਮੀਡੀਆ ਕੰਪਨੀ ‘ਐਕਸ’ ਦੇ ਮਾਲਕ) ਨੇ ਵੀ ਇਹ ਗੱਲ ਆਖੀ ਹੈ। ਉੱਥੇ ਹੀ ਕਾਂਗਰਸ, ਸ਼ਿਵ ਸੈਨਾ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ. ਸੀ. ਪੀ) ਦੇ ਕਈ ਨੇਤਾਵਾਂ ਨੇ EVM ਦੇ ਕੰਮਕਾਜ ਵਿਚ ਬੇਨਿਯਮੀਆਂ ਦਾ ਦੋਸ਼ ਲਗਾਇਆ ਅਤੇ ਦਾਅਵਾ ਕੀਤਾ ਕਿ ਮਸ਼ੀਨਾਂ ਵਿਰੁੱਧ ਵੱਡੀ ਗਿਣਤੀ 'ਚ ਸ਼ਿਕਾਇਤਾਂ ਸਾਹਮਣੇ ਆਈਆਂ ਹਨ।