22 ਅਪ੍ਰੈਲ ਨੂੰ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਕਾਰਨ ਦੇਸ਼ ਹੀ ਨਹੀਂ, ਪੂਰੀ ਦੁਨੀਆ 'ਚ ਸੋਗ ਦੀ ਲਹਿਰ ਦੌੜ ਗਈ ਸੀ। ਹੁਣ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਪਹਿਲਗਾਮ ਅੱਤਵਾਦੀ ਹਮਲੇ ਦੀ ਜਾਂਚ ਆਪਣੇ ਹੱਥਾਂ ਵਿੱਚ ਲੈ ਲਈ ਹੈ। ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਤਵਾਦ ਵਿਰੋਧੀ ਏਜੰਸੀ ਦੀ ਇੱਕ ਟੀਮ, ਜਿਸ ਵਿੱਚ ਇੱਕ ਇੰਸਪੈਕਟਰ ਜਨਰਲ ਆਫ਼ ਪੁਲਿਸ, ਇੱਕ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਅਤੇ ਇੱਕ ਸੁਪਰਡੈਂਟ ਆਫ਼ ਪੁਲਿਸ ਸ਼ਾਮਲ ਹਨ, ਜੰਮੂ ਅਤੇ ਕਸ਼ਮੀਰ ਦੇ ਪਹਿਲਗਾਮ ਦੀ ਬੈਸਰਨ ਘਾਟੀ ਵਿੱਚ ਮੰਗਲਵਾਰ ਨੂੰ ਹੋਏ ਹਮਲੇ ਦੇ ਚਸ਼ਮਦੀਦਾਂ ਤੋਂ ਪੁੱਛਗਿੱਛ ਕਰ ਰਹੀ ਸੀ।
ਉਨ੍ਹਾਂ ਕਿਹਾ ਕਿ ਕਸ਼ਮੀਰ ਵਿੱਚ ਸਭ ਤੋਂ ਭਿਆਨਕ ਅੱਤਵਾਦੀ ਹਮਲਿਆਂ ਵਿੱਚੋਂ ਇੱਕ ਦਾ ਕਾਰਨ ਬਣਨ ਵਾਲੀਆਂ ਘਟਨਾਵਾਂ ਦੇ ਕ੍ਰਮ ਦਾ ਪਤਾ ਲਗਾਉਣ ਲਈ ਚਸ਼ਮਦੀਦਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਕਿਹਾ ਕਿ ਐੱਨ.ਆਈ.ਏ. ਦੀਆਂ ਟੀਮਾਂ ਅੱਤਵਾਦੀਆਂ ਬਾਰੇ ਸੁਰਾਗ ਦਾ ਪਤਾ ਲਗਾਉਣ ਲਈ ਐਂਟਰੀ ਤੇ ਐਗਜ਼ਿਟ ਪੁਆਇੰਟਾਂ ਦੀ ਡੂੰਘਾਈ ਨਾਲ ਤਲਾਸ਼ੀ ਲੈ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਫੋਰੈਂਸਿਕ ਅਤੇ ਹੋਰ ਮਾਹਿਰਾਂ ਦੀ ਮਦਦ ਨਾਲ ਇਹ ਟੀਮਾਂ ਇਸ ਭਿਆਨਕ ਹਮਲੇ ਦਾ ਕਾਰਨ ਬਣਨ ਵਾਲੀ ਅੱਤਵਾਦੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਸਬੂਤ ਇਕੱਠੇ ਕਰਨ ਲਈ ਪੂਰੇ ਖੇਤਰ ਦੀ ਡੂੰਘਾਈ ਨਾਲ ਜਾਂਚ ਕਰ ਰਹੀਆਂ ਹਨ। ਇਸ ਹਮਲੇ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਐੱਨ.ਆਈ.ਏ. ਦੀ ਟੀਮ ਬੁੱਧਵਾਰ ਤੋਂ ਹਮਲੇ ਵਾਲੀ ਥਾਂ 'ਤੇ ਡੇਰਾ ਲਾ ਕੇ ਬੈਠੀ ਹੈ ਅਤੇ ਸਬੂਤਾਂ ਦੀ ਭਾਲ ਤੇਜ਼ ਕਰ ਦਿੱਤੀ ਹੈ। ਕੇਂਦਰੀ ਗ੍ਰਹਿ ਮੰਤਰਾਲੇ ਦੇ ਹੁਕਮ ਤੋਂ ਬਾਅਦ ਐੱਨ.ਆਈ.ਏ. ਨੇ ਪਹਿਲਗਾਮ ਅੱਤਵਾਦੀ ਹਮਲੇ ਦੇ ਮਾਮਲੇ ਦੀ ਜਾਂਚ ਆਪਣੇ ਹੱਥਾਂ ਵਿੱਚ ਲੈ ਲਈ ਹੈ। ਅਨੰਤਨਾਗ ਜ਼ਿਲ੍ਹੇ ਦੇ ਪਹਿਲਗਾਮ ਦੇ ਉੱਪਰਲੇ ਹਿੱਸੇ ਵਿੱਚ ਸਥਿਤ ਇੱਕ ਪ੍ਰਸਿੱਧ ਸੈਰ-ਸਪਾਟਾ ਸਥਾਨ ਬੈਸਰਨ ਵਿਖੇ ਮੰਗਲਵਾਰ ਨੂੰ ਇੱਕ ਅੱਤਵਾਦੀ ਹਮਲੇ ਵਿੱਚ ਘੱਟੋ-ਘੱਟ 26 ਲੋਕ ਮਾਰੇ ਗਏ ਸਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਸੈਲਾਨੀ ਸਨ।