ਚੰਡੀਗੜ੍ਹ : ਕਰਨਲ ਪੁਸ਼ਪਿੰਦਰ ਸਿੰਘ ਬਾਠ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਰਹੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਫ਼ੌਜ ਦੇ ਕਰਨਲ ਪੁਸ਼ਪਿੰਦਰ ਸਿੰਘ ਬਾਠ 'ਤੇ ਹੋਏ ਹਮਲੇ ਦੇ ਮਾਮਲੇ ਦੀ ਜਾਂਚ ਚੰਡੀਗੜ੍ਹ ਪੁਲਸ ਨੂੰ ਸੌਂਪ ਦਿੱਤੀ ਹੈ। ਜਾਣਕਾਰੀ ਮੁਤਾਬਕ ਕਰਨਲ ਬਾਠ ਅਤੇ ਉਨ੍ਹਾਂ ਦੀ ਪਤਨੀ ਵਲੋਂ ਦਾਇਰ ਕੀਤੀ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਹਾਈਕੋਰਟ ਨੇ ਇਸ ਮਾਮਲੇ ਦੀ ਜਾਂਚ ਪੰਜਾਬ ਪੁਲਸ ਤੋਂ ਲੈ ਕੇ ਚੰਡੀਗੜ੍ਹ ਪੁਲਸ ਨੂੰ ਸੌਂਪ ਦਿੱਤੀ ਹੈ।
ਹੁਣ ਚੰਡੀਗੜ੍ਹ ਪੁਲਸ ਇਸ ਮਾਮਲੇ ਦੀ ਜਾਂਚ ਲਈ ਇਕ ਕਮੇਟੀ ਬਣਾਵੇਗੀ, ਜੋ ਕਿ 4 ਮਹੀਨਿਆਂ ਅੰਦਰ ਆਪਣੀ ਰਿਪੋਰਟ ਦਾਖ਼ਲ ਕਰੇਗੀ। ਕਰਨਲ ਬਾਠ ਅਤੇ ਉਨ੍ਹਾਂ ਦੀ ਪਤਨੀ ਜਸਵਿੰਦਰ ਕੌਰ ਦਾ ਕਹਿਣਾ ਸੀ ਕਿ ਉਹ ਸੰਤੁਸ਼ਟ ਹਨ ਪਰ ਉਨ੍ਹਾਂ ਨੂੰ ਪੰਜਾਬ ਪੁਲਸ 'ਤੇ ਭਰੋਸਾ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਚੰਡੀਗੜ੍ਹ ਪੁਲਸ ਦੀ ਜਾਂਚ ਸਹੀ ਦਿਸ਼ਾ 'ਤੇ ਨਹੀਂ ਚੱਲੀ ਤਾਂ ਉਨ੍ਹਾਂ ਕੋਲ ਹੋਰ ਵੀ ਰਾਹ ਖੁੱਲ੍ਹੇ ਹਨ।
ਜਾਣੋ ਕੀ ਹੈ ਪੂਰਾ ਮਾਮਲਾ
ਬੀਤੀ 13-14 ਮਾਰਚ ਦੀ ਰਾਤ ਨੂੰ ਭਾਰਤੀ ਫ਼ੌਜ ਦੇ ਕਰਨਲ ਪੁਸ਼ਪਿੰਦਰ ਸਿੰਘ ਬਾਠ ਆਪਣੇ ਪੁੱਤਰ ਨਾਲ ਪਟਿਆਲਾ ਦੇ ਰਾਜਿੰਦਰ ਹਸਪਤਾਲ ਨੇੜੇ ਪੁੱਜੇ ਸਨ। ਪਰਿਵਾਰ ਦਾ ਇਲਜ਼ਾਮ ਹੈ ਕਿ ਪੰਜਾਬ ਪੁਲਸ ਦੇ ਮੁਲਾਜ਼ਮਾਂ ਨੇ ਪੁਸ਼ਪਿੰਦਰ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਨਾਲ ਬਿਨਾਂ ਗੱਲ ਦੇ ਕੁੱਟਮਾਰ ਕੀਤੀ, ਜਿਸ ਕਾਰਨ ਕਰਨਲ ਪੁਸ਼ਪਿੰਦਰ ਸਿੰਘ ਅਤੇ ਉਨ੍ਹਾਂ ਦਾ ਬੇਟਾ ਜ਼ਖਮੀ ਹੋ ਗਿਆ।