ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ 'ਤੇ ਦਿੱਲੀ ਦੇ ਜਾਟ ਭਾਈਚਾਰੇ ਨਾਲ ਧੋਖਾ ਕਰਨ ਦਾ ਦੋਸ਼ ਲਗਾਇਆ ਹੈ। ਉਹਨਾਂ ਕਿਹਾ ਹੈ ਕਿ ਵਾਰ-ਵਾਰ ਵਾਅਦੇ ਕੀਤੇ ਜਾਣ ਦੇ ਬਾਵਜੂਦ ਜਾਟ ਭਾਈਚਾਰੇ ਨੂੰ ਕੇਂਦਰ ਦੀ ਓਬੀਸੀ ਸੂਚੀ ਵਿੱਚ ਸ਼ਾਮਲ ਨਹੀਂ ਕੀਤਾ ਗਿਆ, ਜਿਸ ਕਾਰਨ ਉਹਨਾਂ ਨੂੰ ਸਿੱਖਿਆ ਅਤੇ ਨੌਕਰੀਆਂ ਵਿਚ ਕੋਈ ਲਾਭ ਨਹੀਂ ਮਿਲ ਰਿਹਾ। ਕੇਜਰੀਵਾਲ ਨੇ ਅੱਜ ਇੱਥੇ ਪੱਤਰਕਾਰਾਂ ਨੂੰ ਦੱਸਿਆ ਕਿ ਦਿੱਲੀ ਦਾ ਜਾਟ ਭਾਈਚਾਰਾ ਦਿੱਲੀ ਦੇ ਅੰਦਰ ਓਬੀਸੀ ਦੇ ਅਧੀਨ ਆਉਂਦਾ ਹੈ ਪਰ ਉਹ ਕੇਂਦਰੀ ਸੂਚੀ ਵਿੱਚ ਓਬੀਸੀ ਦੇ ਅਧੀਨ ਨਹੀਂ ਆਉਂਦੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਈ ਮੌਕਿਆਂ 'ਤੇ ਦਿੱਲੀ ਦੇ ਜਾਟ ਭਾਈਚਾਰੇ ਨੂੰ ਕੇਂਦਰ ਦੀ ਓਬੀਸੀ ਸੂਚੀ ਵਿੱਚ ਸ਼ਾਮਲ ਕਰਨ ਦਾ ਵਾਅਦਾ ਕੀਤਾ ਹੈ ਪਰ ਇਹ ਅਜੇ ਤੱਕ ਪੂਰਾ ਨਹੀਂ ਹੋਇਆ ਹੈ। ਸਰਕਾਰ ਨੇ 10 ਸਾਲਾਂ ਤੋਂ ਓਬੀਸੀ ਰਾਖਵੇਂਕਰਨ ਦੇ ਨਾਮ 'ਤੇ ਜਾਟ ਭਾਈਚਾਰੇ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਓਬੀਸੀ ਸੂਚੀ ਵਿੱਚ ਸ਼ਾਮਲ ਨਾ ਹੋਣ ਕਾਰਨ ਦਿੱਲੀ ਦੇ ਜਾਟ ਭਾਈਚਾਰੇ ਦੇ ਹਜ਼ਾਰਾਂ ਬੱਚਿਆਂ ਨੂੰ ਦਿੱਲੀ ਯੂਨੀਵਰਸਿਟੀ ਵਿੱਚ ਦਾਖਲੇ ਸਮੇਂ ਰਾਖਵਾਂਕਰਨ ਨਹੀਂ ਮਿਲਦਾ, ਜਦੋਂ ਕਿ ਰਾਜਸਥਾਨ ਤੋਂ ਆਉਣ ਵਾਲੇ ਜਾਟ ਭਾਈਚਾਰੇ ਨੂੰ ਓਬੀਸੀ ਰਾਖਵਾਂਕਰਨ ਮਿਲਦਾ ਹੈ।
ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਇਸ ਮਾਮਲੇ ਵਿੱਚ ਕੱਲ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਸੀ ਅਤੇ ਦਿੱਲੀ ਦੇ ਜਾਟ ਭਾਈਚਾਰੇ ਨੂੰ ਓਬੀਸੀ ਵਿੱਚ ਸ਼ਾਮਲ ਕਰਨ ਦੀ ਬੇਨਤੀ ਕੀਤੀ ਸੀ। ਉਨ੍ਹਾਂ ਕਿਹਾ ਕਿ ਇੱਥੇ ਜਾਟ ਭਾਈਚਾਰੇ ਨੂੰ ਕੇਂਦਰ ਦੀ ਓਬੀਸੀ ਸੂਚੀ ਵਿੱਚ ਸ਼ਾਮਲ ਕਰਨ ਲਈ ਜੋ ਵੀ ਸੰਘਰਸ਼ ਕਰਨ ਦੀ ਲੋੜ ਪਵੇਗੀ, ਉਹ ਕਰਨਗੇ।