ਬਰਨਾਲਾ : ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਜ਼ਿਲੇ ਦੇ ਸਿਵਲ, ਪੁਲਸ ਪ੍ਰਸ਼ਾਸਨ ਤੇ ਵਿਭਾਗੀ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਦਾ ਘਾਣ ਕਰਨ ਵਾਲੇ ਨਸ਼ਾ ਸਮੱਗਲਰਾਂ ਲਈ ਹੁਣ ਪੰਜਾਬ ’ਚ ਕੋਈ ਥਾਂ ਨਹੀਂ ਹੈ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਨਸ਼ਿਆਂ ਦੇ ਕੋਹੜ ਦਾ ਖਾਤਮਾ ਕਰਨ ਲਈ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਇਹ ਵਿਆਪਕ ਮੁਹਿੰਮ ਜਾਰੀ ਰੱਖੀ ਜਾਵੇ। ਇਸ ਮੌਕੇ ਸਾਰੇ ਵਿਭਾਗਾਂ ਨੇ ਆਪਣੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਟੀ ਬੈਨਿਥ ਨੇ ਦੱਸਿਆ ਕਿ ਜ਼ਿਲੇ ਦੀਆਂ 175 ਪੰਚਾਇਤਾਂ ਨੇ ਨਸ਼ਿਆਂ ਖ਼ਿਲਾਫ਼ ਅਹਿਦ ਲਿਆ ਹੈ ਅਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਅੱਗੇ ਲਿਆ ਕੇ ਦੂਜਿਆਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ ’ਤੇ ਲਾਈਟ ਐਂਡ ਸਾਊਂਡ ਸ਼ੋਅ ਨਸ਼ਿਆਂ ਵਿਰੁੱਧ ਕਰਵਾਇਆ ਗਿਆ ਹੈ, ਜਿੱਥੇ ਕਰੀਬ 4000 ਲੋਕ ਸ਼ਾਮਲ ਹੋਏ ਅਤੇ ਹੁਣ ਪਿੰਡਾਂ ’ਚ ਨੁੱਕੜ ਨਾਟਕ ਕਰਵਾਏ ਜਾਣਗੇ। ਸੌਂਦ ਨੇ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਨੁੱਕੜ ਨਾਟਕ ਹਰ ਪਿੰਡ ਅਤੇ ਸ਼ਹਿਰ ’ਚ ਕਰਾਏ ਜਾਣ ਅਤੇ ਜਾਗਰੂਕਤਾ ਬੋਰਡ ਜਨਤਕ ਥਾਵਾਂ ’ਤੇ ਲਾਏ ਜਾਣ। ਇਸ ਮੌਕੇ ਜ਼ਿਲ੍ਹਾ ਪੁਲਸ ਮੁਖੀ ਮੁਹੰਮਦ ਸਰਫ਼ਰਾਜ਼ ਆਲਮ ਨੇ ਪੁਲਸ ਦੇ ਤਲਾਸ਼ੀ ਅਭਿਆਨ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਬਾਰੇ ਜਾਣਕਾਰੀ ਦਿੱਤੀ।
ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ’ਚ ਨਸ਼ਿਆਂ ਲਈ ਸ਼੍ਰੋਮਣੀ ਅਕਾਲੀ ਦਲ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ 4 ਹਫ਼ਤਿਆਂ ’ਚ ਨਸ਼ੇ ਖ਼ਤਮ ਕਰਨ ਦਾ ਐਲਾਨ ਕੀਤਾ ਸੀ ਪਰ ਕੁਝ ਨਹੀਂ ਹੋਇਆ ਜਦਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ 3 ਸਾਲਾਂ ਤੋਂ ਨਸ਼ਿਆਂ ਅਤੇ ਨਸ਼ਾ ਸਮੱਗਲਰਾਂ ਵਿਰੁੱਧ ਐਕਸ਼ਨ ਲਿਆ ਜਾ ਰਿਹਾ ਹੈ ਅਤੇ ਸਾਰੇ ਜ਼ਿਲ੍ਹਿਆਂ ’ਚ ਮੰਤਰੀਆਂ ਨੂੰ ਮੁਹਿੰਮ ਤਹਿਤ ਜ਼ਿੰਮੇਵਾਰੀ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਬਰਨਾਲਾ ਵੱਲੋਂ ਇਸ ਮੁਹਿੰਮ ਤਹਿਤ 391 ਫਰਮਾਂ ਦੀ ਚੈਕਿੰਗ ਕੀਤੀ ਗਈ ਅਤੇ 36 ਫਰਮਾਂ ’ਤੇ ਊਣਤਾਈ ਦੇ ਮਾਮਲੇ ’ਚ ਬਣਦਾ ਐਕਸ਼ਨ ਲਿਆ ਗਿਆ। ਉਨ੍ਹਾਂ ਕਿਹਾ ਕਿ 3 ਫਰਮਾਂ ਸੀਲ ਕੀਤੀਆਂ ਗਈਆਂ ਅਤੇ 1 ਕਰੋੜ ਦੀ ਡਰੱਗ ਮਨੀ ਮਿਲੀ ਹੈ। ਉਨ੍ਹਾਂ ਕਿਹਾ ਕਿ 2 ਫਰਮਾਂ ਦੇ ਲਾਈਸੈਂਸ ਰੱਦ ਕੀਤੇ ਗਏ ਹਨ। ਇਸ ਤੋਂ ਇਲਾਵਾ 11 ਫਰਮਾਂ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤੇ ਗਏ। ਉਨ੍ਹਾਂ ਕਿਹਾ ਕਿ ਬਰਨਾਲਾ ਪੁਲਸ ਨੇ ਮੁਹਿੰਮ ਤਹਿਤ 277 ਮੁਲਜ਼ਮ ਗ੍ਰਿਫਤਾਰ ਕੀਤੇ ਹਨ। ਉਨ੍ਹਾਂ ਕਿਹਾ ਕਿ 18 ਕਿਲੋ ਪੋਸਤ, 7500 ਦੇ ਕਰੀਬ ਗੋਲੀਆਂ ਬਰਾਮਦ ਕੀਤੀਆਂ ਹਨ ਅਤੇ ਨਸ਼ਾ ਸਮੱਗਲਿੰਗ ਦੇ ਮਾਮਲੇ ’ਚ ਇਕ ਮਕਾਨ ਢਾਹਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਜ਼ਿਲ੍ਹਾ ਬਰਨਾਲਾ ਦੀਆਂ 175 ਪੰਚਾਇਤਾਂ ਨੇ ਨਸ਼ਿਆਂ ਖ਼ਿਲਾਫ਼ ਮਤੇ ਪਾ ਕੇ ਪੁਲਸ ਦਾ ਸਾਥ ਦੇਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇ ਇਸੇ ਤਰ੍ਹਾਂ ਲੋਕਾਂ ਦਾ ਸਾਥ ਮਿਲਦਾ ਰਿਹਾ ਤਾਂ ਅਸੀਂ ਜਲਦ ਹੀ ਇਹ ਜੰਗ ਜਿਤਾਂਗੇ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸੌਂਦ ਨੂੰ ਪੁਲਸ ਵੱਲੋਂ ਸਲਾਮੀ ਦਿੱਤੀ ਗਈ।
ਇਸ ਮੌਕੇ ਵਿਧਾਇਕ ਲਾਭ ਸਿੰਘ ਉੱਗੋਕੇ, ਚੇਅਰਮੈਨ ਨਗਰ ਸੁਧਾਰ ਟਰੱਸਟ ਰਾਮ ਤੀਰਥ ਮੰਨਾ, ਹਰਿੰਦਰ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੌਹਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਤਵੰਤ ਸਿੰਘ, ਐੱਸ. ਡੀ. ਐੱਮ. ਗੁਰਬੀਰ ਸਿੰਘ ਕੋਹਲੀ, ਐੱਸ. ਡੀ. ਐੱਮ. ਹਰਕੰਵਲਜੀਤ ਸਿੰਘ, ਐੱਸ. ਡੀ. ਐੱਮ. ਰਿਸ਼ਭ ਬਾਂਸਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।