ਵਿਸ਼ਾਖਾਪਟਨਮ : ਆਂਧਰਾ ਪ੍ਰਦੇਸ਼ ਦੇ ਅਨਕਾਪੱਲੀ ਜ਼ਿਲ੍ਹੇ 'ਚ ਐਤਵਾਰ ਨੂੰ ਇਕ ਪਟਾਕਾ ਕਾਰਖਾਨੇ 'ਚ ਅੱਗ ਲੱਗਣ ਕਾਰਨ ਦੋ ਔਰਤਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ ਅਤੇ ਸੱਤ ਹੋਰ ਜ਼ਖਮੀ ਹੋ ਗਏ। ਮੁੱਖ ਮੰਤਰੀ ਐਨ. ਚੰਦਰਬਾਬੂ ਨਾਇਡੂ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ। ਗ੍ਰਹਿ ਮੰਤਰੀ ਵੀ. ਅਨੀਤਾ ਨੇ ਦੱਸਿਆ ਕਿ ਅੱਗ ਲੱਗਣ ਦੀ ਇਸ ਘਟਨਾ 'ਚ ਦੋ ਔਰਤਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ।
ਮੰਤਰੀ ਨੇ ਕਿਹਾ ਕਿ ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ 'ਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਵਿਸਥਾਰਪੂਰਵਕ ਜਾਣਕਾਰੀ ਦੀ ਉਡੀਕ ਹੈ। ਇਕ ਅਧਿਕਾਰਤ ਬਿਆਨ 'ਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਨੇ ਗ੍ਰਹਿ ਮੰਤਰੀ ਅਨੀਤਾ ਅਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਜ਼ਖਮੀਆਂ ਲਈ ਬਿਹਤਰ ਡਾਕਟਰੀ ਸਹੂਲਤਾਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।