ਸ਼ਿਮਲਾ : ਹਿਮਾਚਲ ਪ੍ਰਦੇਸ਼ ਪੁਲਸ ਨੇ ਪਹਿਲਗਾਮ ਅੱਤਵਾਦੀ ਹਮਲੇ ਮਗਰੋਂ ਚੰਬਾ ਅਤੇ ਕਾਂਗੜਾ ਜ਼ਿਲ੍ਹਿਆਂ ਵਿੱਚ ਚੌਕਸੀ ਵਧਾ ਦਿੱਤੀ ਹੈ। ਸੂਬਾ ਸਰਕਾਰ ਵੱਲੋਂ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਇਸ ਹਮਲੇ ਨੂੰ "ਕਾਇਰਾਨਾ ਕਾਰਵਾਈ" ਕਰਾਰ ਦਿੰਦੇ ਹੋਏ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਬੁੱਧਵਾਰ ਨੂੰ ਸਾਰੇ ਪੁਲਸ ਅਧਿਕਾਰੀਆਂ ਨੂੰ ਸੂਬੇ ਦੀਆਂ ਸਰਹੱਦਾਂ 'ਤੇ ਸਖ਼ਤ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ। ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦੇ ਹੋਏ ਸੁੱਖੂ ਨੇ ਕਿਹਾ ਕਿ ਇਕ ਸੱਭਿਅਕ ਸਮਾਜ ਵਿਚ ਅਜਿਹੀਆਂ ਕਾਰਵਾਈਆਂ ਦੀ ਕੋਈ ਥਾਂ ਨਹੀਂ ਹੈ ਅਤੇ ਇਨ੍ਹਾਂ ਸਮਾਜ ਵਿਰੋਧੀ ਤੱਤਾਂ ਨੂੰ ਖਤਮ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਇਸ ਘਟਨਾ ਦੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਹਮਲੇ 'ਚ ਹੋਈਆਂ ਗਲਤੀਆਂ ਦੀ ਜਾਂਚ ਕਰਨ ਦੀ ਮੰਗ ਕੀਤੀ ਹੈ, ਜਿਸ 'ਚ ਜ਼ਿਆਦਾਤਰ ਸੈਲਾਨੀਆਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ।
ਪਹਿਲਗਾਮ ਵਿਚ ਹੋਈ ਦੁਖਦ ਅੱਤਵਾਦੀ ਘਟਨਾ ਤੋਂ ਪਹਿਲਾਂ ਹੀ ਖੁਫੀਆ ਏਜੰਸੀਆਂ ਨੇ ਹਿਮਾਚਲ ਪ੍ਰਦੇਸ਼ ਦੀਆਂ ਪ੍ਰਮੁੱਖ ਥਾਵਾਂ ਨੂੰ ਨਿਸ਼ਾਨਾ ਬਣਾ ਕੇ ਸੰਭਾਵਿਤ ਬੰਬ ਧਮਕੀਆਂ ਬਾਰੇ ਅਲਰਟ ਜਾਰੀ ਕਰ ਦਿੱਤਾ ਹੈ। ਇਨ੍ਹਾਂ ਵਿਚ ਸ਼ਿਮਲਾ ਸੂਬਾ ਸਕੱਤਰੇਤ, ਮੰਡੀ ਜ਼ਿਲ੍ਹਾ ਹੈੱਡਕੁਆਰਟਰ ਅਤੇ ਜੁੱਬਰਹੱਟੀ ਹਵਾਈ ਅੱਡਾ ਸ਼ਾਮਲ ਹਨ। ਇਸ ਦੇ ਜਵਾਬ ਵਿਚ ਬੰਬ ਧਮਕੀ ਸਮੀਖਿਆ ਕਮੇਟੀ ਨੇ ਇਕ ਹਫ਼ਤਾ ਪਹਿਲਾਂ ਸ਼ਿਮਲਾ ਹਵਾਈ ਅੱਡੇ 'ਤੇ ਹਵਾਈ ਅੱਡੇ ਦੇ ਡਾਇਰੈਕਟਰ ਦੀ ਪ੍ਰਧਾਨਗੀ ਹੇਠ ਇਕ ਐਮਰਜੈਂਸੀ ਮੀਟਿੰਗ ਬੁਲਾਈ ਸੀ। ਸਾਰੀਆਂ ਪ੍ਰਮੁੱਖ ਸੁਰੱਖਿਆ ਏਜੰਸੀਆਂ ਅਤੇ ਸੂਬਾ ਵਿਭਾਗਾਂ ਦੇ ਪ੍ਰਤੀਨਿਧੀਆਂ ਨੇ ਹਿੱਸਾ ਲਿਆ ਅਤੇ ਹਵਾਬਾਜ਼ੀ ਸੁਰੱਖਿਆ ਅਤੇ ਐਮਰਜੈਂਸੀ ਖਿਲਾਫ਼ ਤਿਆਰੀ ਪ੍ਰਤੀ ਆਪਣੀ ਵਚਨਬੱਧਤਾ ਦੀ ਪੁਸ਼ਟੀ ਕੀਤੀ।