ਨਵੀਂ ਦਿੱਲੀ : ਬਾਲੀਵੁੱਡ ਸੁਪਰਸਟਾਰ ਸ਼ਾਹਰੁਖ ਖਾਨ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਨੂੰ "ਹਿੰਸਾ ਦਾ ਅਣਮਨੁੱਖੀ ਕਾਰਾ" ਦੱਸਿਆ ਅਤੇ ਪੀੜਤਾਂ ਦੇ ਦੁਖੀ ਪਰਿਵਾਰਾਂ ਪ੍ਰਤੀ ਡੂੰਘੀ ਹਮਦਰਦੀ ਪ੍ਰਗਟ ਕੀਤੀ।
ਅੱਤਵਾਦੀਆਂ ਨੇ ਮੰਗਲਵਾਰ ਨੂੰ ਦੱਖਣੀ ਕਸ਼ਮੀਰ ਦੇ ਪਹਿਲਗਾਮ ਵਿੱਚ ਇੱਕ ਪ੍ਰਮੁੱਖ ਸੈਰ-ਸਪਾਟਾ ਸਥਾਨ ਨੂੰ ਨਿਸ਼ਾਨਾ ਬਣਾਇਆ, ਜਿਸ ਵਿੱਚ ਘੱਟੋ-ਘੱਟ 26 ਲੋਕ ਮਾਰੇ ਗਏ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਸੈਲਾਨੀ ਸਨ। ਇਹ 2019 ਵਿੱਚ ਪੁਲਵਾਮਾ ਹਮਲੇ ਤੋਂ ਬਾਅਦ ਕਸ਼ਮੀਰ ਵਿੱਚ ਸਭ ਤੋਂ ਭਿਆਨਕ ਹਮਲਾ ਹੈ, ਜਿਸ ਵਿੱਚ ਸੀ.ਆਰ.ਪੀ.ਐਫ. ਦੇ 40 ਜਵਾਨ ਮਾਰੇ ਗਏ ਸਨ।
ਸ਼ਾਹਰੁਖ ਨੇ ਹਮਲੇ ਦੀ ਨਿੰਦਾ ਕਰਦਿਆਂ ਐਕਸ 'ਤੇ ਇੱਕ ਪੋਸਟ ਸਾਂਝੀ ਕੀਤੀ। ਉਨ੍ਹਾਂ ਲਿਖਿਆ, "ਪਹਿਲਗਾਮ ਵਿੱਚ ਹੋਈ ਹਿੰਸਾ 'ਤੇ ਦੁੱਖ ਅਤੇ ਗੁੱਸੇ ਨੂੰ ਸ਼ਬਦਾਂ ਵਿਚ ਬਿਆਨ ਨਹੀਂ ਕੀਤਾ ਜਾ ਸਕਦਾ। ਅਜਿਹੇ ਸਮੇਂ ਵਿੱਚ, ਅਸੀਂ ਸਿਰਫ਼ ਪਰਮਾਤਮਾ ਵੱਲ ਵੇਖ ਸਕਦੇ ਹਾਂ, ਪੀੜਤ ਪਰਿਵਾਰਾਂ ਲਈ ਪ੍ਰਾਰਥਨਾ ਕਰ ਸਕਦੇ ਹਾਂ ਅਤੇ ਆਪਣੀ ਡੂੰਘੀ ਹਮਦਰਦੀ ਪ੍ਰਗਟ ਕਰ ਸਕਦੇ ਹਾਂ। ਆਓ ਇੱਕ ਰਾਸ਼ਟਰ ਦੇ ਰੂਪ ਵਿੱਚ ਮਜ਼ਬੂਤੀ ਨਾਲ ਖੜ੍ਹੇ ਹੋਈਏ ਅਤੇ ਇਸ ਘਿਨਾਉਣੇ ਕਾਰੇ ਵਿਰੁੱਧ ਨਿਆਂ ਯਕੀਨੀ ਬਣਾਈਏ।"