ਗੁਰਦਾਸਪੁਰ : ਸਾਲ 2025 ਦੌਰਾਨ ਕਣਕ (ਹਾੜ੍ਹੀ) ਦੀ ਫ਼ਸਲ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਇਹ ਆਮ ਵੇਖਣ ਵਿੱਚ ਆਇਆ ਹੈ ਕਿ ਕਈ ਵਾਰ ਕਣਕ ਕੱਟਣ ਲਈ ਕੰਬਾਈਨਾਂ 24 ਘੰਟੇ ਕੰਮ ਕਰਦੀਆਂ ਹਨ। ਕੰਬਾਈਨਾਂ ਰਾਤ ਵੇਲੇ ਸਿੱਲੀ ਅਤੇ ਨਮ ਕਣਕ ਕੱਟ ਦਿੰਦੀਆਂ ਹਨ, ਜਿਸ ਨਾਲ ਨਮੀ ਵਾਲੀ ਕਣਕ ਦੀ ਮਿਕਦਾਰ ਬਹੁਤ ਜ਼ਿਆਦਾ ਹੋ ਜਾਂਦੀ ਹੈ । ਜਦੋਂ ਇਹ ਸਿੱਲ੍ਹੀ ਕਣਕ ਮੰਡੀਆਂ ਵਿੱਚ ਵਿਕਣ ਲਈ ਲਿਆਂਦੀ ਜਾਂਦੀ ਹੈ ਤਾਂ ਨਮੀ ਪ੍ਰਵਾਨਿਤ ਹੱਦ ਨਾਲੋਂ ਜ਼ਿਆਦਾ ਹੋਣ ਕਾਰਨ ਖ਼ਰੀਦ ਏਜੰਸੀਆਂ ਖ਼ਰੀਦ ਕਰਨ ਤੋਂ ਇਨਕਾਰ ਕਰ ਦਿੰਦੀਆਂ ਹਨ।
ਸਿੱਟੇ ਵਜੋਂ ਮੰਡੀਆਂ ਵਿੱਚ ਅਣਵਿਕੀ ਕਣਕ ਦੇ ਅੰਬਾਰ ਜਮਾਂ ਹੋ ਜਾਂਦੇ ਹਨ। ਕਣਕ ਸਮੇਂ ਸਿਰ ਨਾ ਵਿਕਣ ਕਾਰਨ ਕਿਸਾਨਾਂ ਵਿੱਚ ਰੋਸ ਪੈਦਾ ਹੁੰਦਾ ਹੈ। ਜਿਸ ਨਾਲ ਅਮਨ ਕਾਨੂੰਨ ਦੀ ਸਥਿਤੀ ਨੂੰ ਖ਼ਤਰਾ ਪੈਦਾ ਹੁੰਦਾ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਡਾ. ਹਰਜਿੰਦਰ ਸਿੰਘ ਬੇਦੀ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਗੁਰਦਾਸਪੁਰ ਦੀ ਹਦੂਦ ਅੰਦਰ ਸ਼ਾਮ 7 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਕਟਾਈ ਕਰਨ ’ਤੇ ਪੂਰਨ ਪਾਬੰਦੀ ਲਗਾ ਦਿੱਤੀ। ਇਹ ਹੁਕਮ 4-3-2025 ਤੋਂ 2-6-2025 ਤੱਕ ਲਾਗੂ ਰਹੇਗਾ।