ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਅਤੇ ਐਡਿਡ ਸਕੂਲਾਂ ਦੇ ਕਰਮਚਾਰੀਆਂ ਲਈ ਅਹਿਮ ਫ਼ੈਸਲਾ ਲਿਆ ਗਿਆ ਹੈ, ਜਿਸ ਦੇ ਤਹਿਤ ਇਨ੍ਹਾਂ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੱਡੀ ਰਾਹਤ ਦਿੰਦਿਆਂ ਸਰਕਾਰ ਨੇ 6ਵੇਂ ਤਨਖਾਹ ਕਮਿਸ਼ਨ (ਪੀਪੀਸੀ), ਯੂਜੀਸੀ ਅਤੇ ਏਆਈਸੀਟੀਈ ਸਕੇਲਾਂ ਅਨੁਸਾਰ ਸੋਧੀ ਹੋਈ ਤਨਖਾਹ, ਪੈਨਸ਼ਨ, ਛੁੱਟੀ ਐਨਕੈਸ਼ਮੈਂਟ ਅਤੇ ਗ੍ਰੈਚੁਟੀ ਦੇ ਬਕਾਏ ਦਾ ਭੁਗਤਾਨ ਕਰਨ ਦਾ ਫ਼ੈਸਲਾ ਕੀਤਾ ਹੈ।
ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵੱਲੋਂ ਜਾਰੀ ਇਕ ਆਦੇਸ਼ ਅਨੁਸਾਰ, 1 ਜਨਵਰੀ, 2016 ਤੋਂ 30 ਜੂਨ, 2021 ਤੱਕ ਦੀ ਮਿਆਦ ਲਈ ਬਕਾਏ ਵੰਡੇ ਜਾਣਗੇ। ਇਹ ਫੈਸਲਾ 13 ਫਰਵਰੀ, 2025 ਨੂੰ ਹੋਈ ਇਕ ਮੀਟਿੰਗ ਵਿਚ ਰਾਜ ਮੰਤਰੀ ਮੰਡਲ ਦੁਆਰਾ ਪ੍ਰਵਾਨਗੀ ਤੋਂ ਬਾਅਦ ਲਿਆ ਗਿਆ ਹੈ ਅਤੇ ਇਸ ਸਾਲ ਦੇ ਸ਼ੁਰੂ ਵਿਚ 18 ਫਰਵਰੀ ਨੂੰ ਜਾਰੀ ਨਿਰਦੇਸ਼ਾਂ ਦੇ ਅਨੁਸਾਰ ਹੈ। ਪੰਜਾਬ ਸਰਕਾਰ ਦੇ ਇਸ ਫ਼ੈਸਲੇ ਦਾ ਲਾਭ ਪਸ਼ੂ ਪਾਲਣ, ਤਕਨੀਕੀ ਸਿੱਖਿਆ, ਖੇਤੀਬਾੜੀ, ਸਕੂਲ ਸਿੱਖਿਆ ਅਤੇ ਉੱਚ ਸਿੱਖਿਆ ਅਤੇ ਭਾਸ਼ਾਵਾਂ ਵਿਭਾਗਾਂ ਅਧੀਨ ਸਰਕਾਰੀ ਸਹਾਇਤਾ ਪ੍ਰਾਪਤ ਵਿਦਿਅਕ ਸੰਸਥਾਵਾਂ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਹੋਵੇਗਾ।