ਅੰਮ੍ਰਿਤਸਰ : ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ 3 ਅਪ੍ਰੈਲ ਨੂੰ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਤੋਂ ਸ਼ੁਰੂ ਕੀਤੀ ਨਸ਼ਿਆਂ ਖ਼ਿਲਾਫ਼ ਮੁਹਿੰਮ ਅੱਜ ਅੰਮ੍ਰਿਤਸਰ ਜ਼ਿਲ੍ਹੇ ’ਚ ਪੁੱਜੀ। ਇਹ ਮਾਰਚ ਫਤਿਹਗੜ੍ਹ ਚੂੜੀਆਂ ਰੋਡ ’ਤੇ ਪੈਂਦੇ ਪਿੰਡ ਨਵਾਂ ਪਿੰਡ ਤੋਂ ਪੈਦਲ ਮਾਰਚ ਸ਼ੁਰੂ ਹੋ ਕੇ ਪਿੰਡ ਪੰਧੇਰ ’ਚ ਸਮਾਪਤ ਹੋਇਆ। ਇਸ ਮਾਰਚ 'ਚ ਵੱਡੀ ਗਿਣਤੀ 'ਚ ਇਲਾਕਾ ਨਿਵਾਸੀਆਂ ਅਤੇ ਸਕੂਲੀ ਵਿਦਿਆਰਥੀਆਂ ਨੇ ਵੀ ਭਾਗ ਲਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਪਾਲ ਨੇ ਕਿਹਾ ਕਿ ਮੇਰੀ ਇੱਛਾ ਹੈ ਕਿ ਇਹ ਮੁਹਿੰਮ ਲੋਕ ਲਹਿਰ ਬਣ ਜਾਵੇ ਕਿਉਂਕਿ ਇਹ ਰਾਜਪਾਲ ਦੀ ਨਿੱਜੀ ਲਹਿਰ ਨਹੀਂ, ਨਸ਼ਾ ਮੁਕਤੀ ਮੁਹਿੰਮ ਨਹੀਂ ਹੈ। ਬੁਰਾਈ ਨੂੰ ਖ਼ਤਮ ਕਰਨ ਲਈ ਜੋ ਵੀ ਕੀਤਾ ਜਾ ਰਿਹਾ ਹੈ, ਉਸ ਵਿੱਚ ਸਾਰਿਆਂ ਨੂੰ ਸਹਿਯੋਗ ਕਰਨਾ ਚਾਹੀਦਾ ਹੈ ਕਿਉਂਕਿ ਇੱਕ-ਇੱਕ ਕਰਕੇ ਕਾਫਲਾ ਬਣ ਰਿਹਾ ਹੈ।
ਨਸ਼ਾ ਛਡਾਊ ਕੇਂਦਰ ਖੋਲ੍ਹਣ ਦੇ ਸਵਾਲ 'ਤੇ ਰਾਜਪਾਲ ਨੇ ਕਿਹਾ ਕਿ ਇਸ ਸਬੰਧੀ ਪੰਜਾਬ ਸਰਕਾਰ ਨਾਲ ਗੱਲਬਾਤ ਚੱਲ ਰਹੀ ਹੈ ਅਤੇ ਫੌਜ ਵੱਲੋਂ ਪ੍ਰਸਤਾਵ ਵੀ ਆਇਆ ਹੈ। ਉਨ੍ਹਾਂ ਦੇ ਹਸਪਤਾਲ ਵਿੱਚ ਨਸ਼ਾ ਛੁਡਾਊ ਕੇਂਦਰ ਖੋਲ੍ਹਣ ਬਾਰੇ ਵੀ ਗੱਲਬਾਤ ਚੱਲ ਰਹੀ ਹੈ।
ਦੇਸ਼ ਵਿੱਚ ਹਰ ਪਾਸੇ ਨਸ਼ਾ ਪਹੁੰਚ ਰਿਹਾ ਹੈ ਅਤੇ ਭਾਰਤ ਸਰਕਾਰ ਵੱਲੋਂ ਭਾਰਤ ਨੂੰ ਨਸ਼ਾ ਮੁਕਤ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਡਰੋਨ ਰਾਹੀਂ ਪਾਕਿਸਤਾਨ ਤੋਂ ਆਉਣ ਵਾਲੇ ਨਸ਼ਿਆਂ ਨੂੰ ਰੋਕਣ ਲਈ ਐਂਟੀ ਡਰੋਨ ਤਕਨੀਕ ਆ ਚੁੱਕੀ ਹੈ ਅਤੇ ਇਸ ਨੂੰ ਪੰਜਾਬ ਦੀਆਂ ਸਰਹੱਦਾਂ 'ਤੇ ਲਗਾਉਣ ਲਈ ਕੇਂਦਰ ਸਰਕਾਰ ਪੰਜਾਬ ਦਾ ਸਹਿਯੋਗ ਕਰ ਰਹੀ ਹੈ। ਪੰਜਾਬ ਪੁਲਸ ਦੇ ਇੱਕ ਮੁਲਾਜ਼ਮ ਕੋਲੋਂ ਨਸ਼ੇ ਦੀ ਬਰਾਮਦਗੀ ਅਤੇ ਉਸਦੇ ਨਸ਼ਾ ਲੈਣ ਦੀ ਘਟਨਾ ਬਾਰੇ ਉਨ੍ਹਾਂ ਕਿਹਾ ਕਿ ਪੁਲਸ ਮੁਲਾਜ਼ਮਾਂ ਦਾ ਡੋਪ ਟੈਸਟ ਕਰਵਾਉਣ ਲਈ ਪੰਜਾਬ ਸਰਕਾਰ ਨਾਲ ਗੱਲਬਾਤ ਕੀਤੀ ਜਾਵੇਗੀ।