ਚੰਡੀਗੜ੍ਹ/ਲੁਧਿਆਣਾ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਟੈਂਡਰ ਘਪਲੇ ਮਾਮਲੇ 'ਚ ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਨੂੰ ਵੱਡੀ ਰਾਹਤ ਦਿੰਦੇ ਹੋਏ ਜ਼ਮਾਨਤ ਦੇ ਦਿੱਤੀ ਹੈ। ਹਾਈਕੋਰਟ ਨੇ ਆਸ਼ੂ ਖ਼ਿਲਾਫ਼ ਵਿਜੀਲੈਂਸ ਬਿਊਰੋ ਵਲੋਂ ਦਰਜ ਕੀਤੀਆਂ 2 ਐੱਫ. ਆਈ. ਆਰਜ਼ ਨੂੰ ਵੀ ਰੱਦ ਕਰ ਦਿੱਤਾ ਹੈ।
ਜਾਣੋ ਕੀ ਹੈ ਪੂਰਾ ਮਾਮਲਾ
ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਈ. ਡੀ. ਨੇ ਜਲੰਧਰ 'ਚ ਪੁੱਛਗਿੱਛ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਸੀ। ਈ. ਡੀ. ਨੇ ਦੋਸ਼ ਲਾਇਆ ਸੀ ਟੈਂਡਰ ਉਨ੍ਹਾਂ ਠੇਕੇਦਾਰਾਂ ਨੂੰ ਅਲਾਟ ਕੀਤੇ ਗਏ ਸਨ, ਜਿਨ੍ਹਾਂ ਨੇ ਮੰਤਰੀ ਆਸ਼ੂ ਤੱਕ ਪਹੁੰਚ ਕੀਤੀ ਸੀ। ਉਸ ਸਮੇਂ ਭਾਰਤ ਭੂਸ਼ਣ ਆਸ਼ੂ ਪੰਜਾਬ ਸਰਕਾਰ 'ਚ ਖ਼ੁਰਾਕ ਅਤੇ ਸਿਵਲ ਸਪਲਾਈ ਦੇ ਸਾਬਕਾ ਮੰਤਰੀ ਸਨ। ਫਿਲਹਾਲ ਹੁਣ ਉਨ੍ਹਾਂ ਨੂੰ ਇਸ ਮਾਮਲੇ 'ਚ ਜ਼ਮਾਨਤ ਦੇ ਦਿੱਤੀ ਗਈ ਹੈ।
ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵੀ ਰਾਹਤ
ਹਾਈਕੋਰਟ ਨੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵੀ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਪਲਾਟ ਅਲਾਟਮੈਂਟ ਘਪਲੇ 'ਚ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਅਤੇ 10 ਸਰਕਾਰੀ ਅਧਿਕਾਰੀਆਂ ਖ਼ਿਲਾਫ਼ ਦਰਜ ਕੀਤੇ ਭ੍ਰਿਸ਼ਟਾਚਾਰ ਦੇ ਕੇਸ ਨੂੰ ਰੱਦ ਕਰ ਦਿੱਤਾ ਹੈ।
ਦੱਸਣਯੋਗ ਹੈ ਕਿ ਪੰਜਾਬ ਵਿਜੀਲੈਂਸ ਨੇ ਸਾਬਕਾ ਮੰਤਰੀ ਅਤੇ 10 ਸਰਕਾਰੀ ਅਧਿਕਾਰੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ। ਵਿਜੀਲੈਂਸ ਨੇ ਪਿਛਲੇ ਸਾਲ ਅਕਤੂਬਰ ਮਹੀਨੇ ਇਕ ਅਧਿਕਾਰੀ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦੀ ਕੋਸ਼ਿਸ਼ ਦੇ ਇਲਜ਼ਾਮਾਂ ਤਹਿਤ ਸੁੰਦਰ ਸ਼ਾਮ ਅਰੋੜਾ ਨੂੰ ਜ਼ੀਰਕਪੁਰ ਤੋਂ ਰੰਗੇ ਹੱਥੀਂ ਫੜ੍ਹਨ ਦਾ ਦਾਅਵਾ ਕੀਤਾ ਸੀ।