ਚੰਡੀਗੜ੍ਹ/ਜਲੰਧਰ : 'ਯੁੱਧ ਨਸ਼ਿਆਂ ਵਿਰੁੱਧ' ਦੇ 33ਵੇਂ ਦਿਨ ਪੰਜਾਬ ਪੁਲਸ ਨੇ ਬੁੱਧਵਾਰ ਨੂੰ 59 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 1.6 ਕਿੱਲੋ ਹੈਰੋਇਨ ਅਤੇ 5.53 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ ਮਹਿਜ਼ 33 ਦਿਨਾਂ ’ਚ ਗ੍ਰਿਫ਼ਤਾਰ ਕੀਤੇ ਗਏ ਕੁੱਲ੍ਹ ਨਸ਼ਾ ਸਮੱਗਲਰਾਂ ਦੀ ਗਿਣਤੀ ਹੁਣ 4765 ਹੋ ਗਈ ਹੈ।
ਸਪੈਸ਼ਲ ਡੀ. ਜੀ. ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ 91 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 200 ਤੋਂ ਵੱਧ ਪੁਲਸ ਟੀਮਾਂ ਨੇ ਪੂਰੇ ਸੂਬੇ ’ਚ 497 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ, ਜਿਸ ਦੌਰਾਨ 36 ਐੱਫ਼. ਆਈ. ਆਰਜ਼ ਦਰਜ ਕੀਤੀਆਂ ਗਈਆਂ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਸ ਟੀਮਾਂ ਨੇ 546 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ।