ਲੁਧਿਆਣਾ : ਪੰਜਾਬ ’ਚ ਕਣਕ ਦੀ ਸਰਕਾਰੀ ਖਰੀਦ 1 ਅਪ੍ਰੈਲ ਤੋਂ ਸ਼ੁਰੂ ਹੋ ਗਈ ਹੈ, ਜਿਸ ਦੇ ਲਈ ਜ਼ਿਲੇ ਦੀਆਂ ਮੰਡੀਆਂ ’ਚ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡੀ. ਸੀ. ਹਿਮਾਂਸ਼ੂ ਜੈਨ ਨੇ ਬੱਚਤ ਭਵਨ ’ਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ, ਆੜ੍ਹਤੀਆਂ ਅਤੇ ਕਿਸਾਨ ਯੂਨੀਅਨ ਨਾਲ ਕੀਤੀ ਅਹਿਮ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਸੀਜ਼ਨ ਦੌਰਾਨ ਜ਼ਿਲੇ ਦੀਆਂ ਮੰਡੀਆਂ ’ਚ 8,29,755 ਮੈਟ੍ਰਿਕ ਟਨ ਫਸਲ ਦੇ ਆਉਣ ਦੀ ਸੰਭਾਵਨਾ ਹੈ।
ਮੰਡੀਆਂ ’ਚ ਫਸਲ ਲੈ ਕੇ ਆਉਣ ਵਾਲੇ ਕਿਸਾਨਾਂ ਦੀ ਸਹੂਲੀਅਤ ਲਈ ਪੂਰੇ ਪ੍ਰਬੰਧ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ’ਚ ਪੀਣ ਵਾਲਾ ਪਾਣੀ, ਟਾਇਲਟ, ਸ਼ੈੱਡ ਆਦਿ ਸ਼ਾਮਲ ਹਨ। ਉਨ੍ਹਾਂ ਨੇ ਮੰਡੀਆਂ ’ਚ ਫਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਅਪੀਲ ਕੀਤੀ ਉਹ ਸੁੱਕੀ ਫਸਲ ਲੈ ਕੇ ਮੰਡੀ ’ਚ ਆਉਣ, ਤਾਂ ਜੋ ਖਰੀਦ ਪ੍ਰਕਿਰਿਆ ਦੌਰਾਨ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਹੋਵੇ।
ਕਿਸਾਨਾਂ ਦੀ ਸੁਵਿਧਾ ਅਤੇ ਨਿਰਵਿਘਨ ਖਰੀਦ ਅਤੇ ਲਿਫਟਿੰਗ ਪ੍ਰਕਿਰਿਆ ਨੂੰ ਲੈ ਕੇ ਅਧਿਕਾਰੀਆਂ ਦੀ ਡਿਊਟੀ ਲਗਾ ਦਿੱਤੀ ਗਈ ਹੈ, ਕਿਸਾਨਾਂ ਨੂੰ ਫਸਲ ਵੇਚਣ ਲਈ ਜ਼ਿਆਦਾ ਦੂਰ ਨਾ ਜਾਣਾ ਪਵੇ, ਇਸ ਦੇ ਲਈ ਜ਼ਿਲੇ ਵਿਚ 108 ਮੰਡੀਆਂ ਨਿਰਧਾਰਿਤ ਕੀਤੀਆਂ ਗਈਆਂ ਹਨ।